ਚੰਡੀਗੜ੍ਹ, 21 ਸਤੰਬਰ

ਆਮ ਆਦਮੀ ਪਾਰਟੀ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਸਣੇ ਹੋਰਨਾ ਵਿਧਾਇਕਾਂ ਨੇ 25 ਸਤੰਬਰ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ‘ਪੰਜਾਬ ਬੰਦ’ ਦੇ ਸੱਦੇ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਕਿਸਾਨਾਂ ਦੇ ਧਰਨਿਆਂ ਵਿੱਚ ਹਿੱਸਾ ਲਵੇਗੀ ਅਤੇ 24 ਸਤੰਬਰ ਨੂੰ ਪੰਜਾਬ ਭਰ ਵਿੱਚ ਮਨੁੱਖੀ ਚੇਨ ਬਣਾ ਕੇ ਖੇਤੀ ਬਿੱਲਾਂ ਦਾ ਵਿਰੋਧ ਕਰੇਗੀ। ਸ੍ਰੀ ਚੀਮਾ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਰਾਜ ਸਭਾ ਵਿੱਚ ਜਬਰੀ ਖੇਤੀ ਆਰਡੀਨੈਂਸ ਪਾਸ ਕਰਵਾਉਣ ਦੇ ਵਿਰੋਧ ’ਚ ਅੱਜ ਸ਼ਾਮ 4 ਵਜੇ ਪੰਜਾਬ ਦੇ ਰਾਜਪਾਲ ਨੂੰ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਸੌਂਪਿਆ ਜਾਵੇਗਾ।