ਚੰਡੀਗੜ੍ਹ, 23 ਸਤੰਬਰ

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੇਂਡੂ ਵਿਕਾਸ ਫ਼ੰਡਾਂ (ਆਰਡੀਐੱਫ) ਦਾ ਮੁੱਦਾ ਸਮੇਂ ਸਿਰ ਕੇਂਦਰ ਸਰਕਾਰ ਕੋਲ ਉਠਾਉਣ ’ਚ ਅਸਫਲ ਰਹਿਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਨਿਖੇਧੀ ਕੀਤੀ ਹੈ। ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਰਾਜਪਾਲ ਪੁਰੋਹਿਤ ਤੋਂ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਕੋਲੋਂ ਕਰੋੜਾਂ ਰੁਪਏ ਦੀ ਰੁਕੀ ਹੋਈ ਆਰਡੀਐੱਫ ਤੇ ਹੋਰ ਰਕਮ ਜਾਰੀ ਕਰਨ ਲਈ ਦਖ਼ਲ ਦੇਣ ਦੀ ਮੰਗ ਕੀਤੀ ਹੈ ਪਰ ਉਹ ਆਰਡੀਐੱਫ ਤੇ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ’ਚ ਸ਼ਾਮਲ ਨਹੀਂ ਹੋਏ ਕਿਉਂਕਿ ਉਹ ਕਿਸੇ ਹੋਰ ਸੂਬੇ ’ਚ ਚੋਣ ਪ੍ਰਚਾਰ ਵਿੱਚ ਰੁੱਝੇ ਹੋਏ ਸਨ। ਬਾਜਵਾ ਨੇ ਕਿਹਾ ਕਿ ਇਸ ਤੋਂ ਪਹਿਲਾਂ ‘ਆਪ’ ਸਰਕਾਰ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ ਤੇ ਕੇਂਦਰ ’ਤੇ ਮਾਰਕੀਟ ਫ਼ੀਸ ਤੇ ਆਰਡੀਐਫ ਦੀ ਅਦਾਇਗੀ ਕਰਨ ਤੋਂ ਇਨਕਾਰ ਕਰਨ ਦਾ ਦੋਸ਼ ਲਾਇਆ ਸੀ।