ਰੋਮ, 1 ਨਵੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਕਾਟਲੈਂਡ ਦੇ ਗਲਾਸਗੋ ਵਿਚ ਕੋਪ-26 ਜਲਵਾਯੂ ਤਬਦੀਲੀ ਸੰਮੇਲਨ ਮੌਕੇ ਸੰਬੋਧਨ ਕੀਤਾ। ਉਨ੍ਹਾਂ ਸਾਰੇ ਦੇਸ਼ਾਂ ਨੂੰ ਆਲਮੀ ਤਪਸ਼ ਨਾਲ ਨਜਿੱਠਣ ਲਈ ਇਕੱਠੇ ਹੋਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿਚ ਆਮ ਲੋਕਾਂ ਨੂੰ ਵੀ ਸ਼ਾਮਲ ਕਰ ਕੇ ਇਸ ਦਾ ਦਾਇਰਾ ਵਧਾਇਆ ਜਾਵੇ। ਇਸ ਦੇ ਨਾਲ ਹੀ ਵਿਕਾਸ ਦੀਆਂ ਨੀਤੀਆਂ ਕੁਦਰਤੀ ਸਰੋਤਾਂ ਦੀ ਸਾਂਭ ਸੰਭਾਲ ਯਕੀਨੀ ਹੋਣ ਨਾਲ ਹੀ ਬਣਾਈਆਂ ਜਾਣ। ਸ੍ਰੀ ਮੋਦੀ ਨੇ ਕਿਹਾ ਕਿ ਆਮ ਜੀਵਨ ਨਾਲ ਜੁੜੇ ਮੁੱਦਿਆਂ ਨੂੰ ਸਕੂਲੀ ਸਿਲੇਬਸ ਵਿਚ ਸ਼ਾਮਲ ਕੀਤਾ ਜਾਵੇ। ਇਸ ਤੋਂ ਪਹਿਲਾਂ ਉਨ੍ਹਾਂ ਦਾ ਸਕਾਟਲੈਂਡ ਐਗਜ਼ੀਬਿਸ਼ਨ ਸੈਂਟਰ ਵਿਚ ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜੋਹਨਸਨ ਤੇ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟਾਨੀਓ ਗੁਟਾਰੇਜ਼ ਨੇ ਸਵਾਗਤ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਜੀ20 ਸਿਖ਼ਰ ਸੰਮੇਲਨ ਦੇ ਸਿੱਟਿਆਂ ਨੂੰ ਸਾਰਥਕ ਦੱਸਦਿਆਂ ਕਿਹਾ ਕਿ ਵਿਸ਼ਵ ਦੇ ਆਗੂਆਂ ਨੇ ਮਹਾਮਾਰੀ ਦਾ ਮੁਕਾਬਲਾ ਕਰਨ, ਸਿਹਤ ਢਾਂਚੇ ਵਿਚ ਸੁਧਾਰ, ਆਰਥਿਕ ਸਹਿਯੋਗ ਨੂੰ ਵਧਾਉਣ ਤੇ ਹੋਰ ਖੋਜ ਨੂੰ ਉਤਸ਼ਾਹਿਤ ਕਰਨ ਜਿਹੇ ਆਲਮੀ ਮੁੱਦਿਆਂ ਉਤੇ ਚਰਚਾ ਕੀਤੀ।