ਲਾਹੌਰ, 14 ਨਵੰਬਰ
ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਨੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ, ਗ੍ਰਹਿ ਮੰਤਰੀ ਅਤੇ ਉੱਚ ਫੌਜੀ ਅਧਿਕਾਰੀ ਜਿਨ੍ਹਾਂ ’ਤੇ ਇਮਰਾਨ ਖਾਨ ਨੇ ਹੱਤਿਆ ਦੀ ਕਥਿਤ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ ਸੀ ਖ਼ਿਲਾਫ਼ ਐਫਆਈਆਰ ਦਰਜ ਕਰਵਾਉਣ ਲਈ ਅੱਜ ਸੁਪਰੀਮ ਕੋਰਟ ਵਿੱਚ ਕਈ ਰਿੱਟ ਪਟੀਸ਼ਨਾਂ ਦਾਖਲ ਕੀਤੀਆਂ। ਕਾਬਿਲੇਗੌਰ ਹੈ ਕਿ ਇਮਰਾਨ ਖਾਨ ’ਤੇ 3 ਨਵੰਬਰ ਨੂੰ ਪੰਜਾਬ ਸੂਬੇ ਦੇ ਵਜ਼ੀਰਾਬਾਦ ਖੇਤਰ ਵਿੱਚ ਸਰਕਾਰ ਵਿਰੋਧੀ ਪ੍ਰਦਰਸ਼ਨ ਦੌਰਾਨ ਦੋ ਬੰਦੂਕਧਾਰੀਆਂ ਨੇ ਗੋਲੀਆਂ ਚਲਾਈਆਂ ਸਨ, ਜਿਸ ਕਾਰਨ ਉਹ ਜ਼ਖ਼ਮੀ ਹੋ ਗਏ ਸਨ। 8 ਨਵੰਬਰ ਨੂੰ ਪੰਜਾਬ ਪੁਲੀਸ ਨੇ ਹਮਲਾਵਰ ਨਾਵੇਦ ਮੁਹੰਮਦ ਬਸ਼ੀਰ ਨੂੰ ਹਿਰਾਸਤ ਵਿੱਚ ਲੈ ਕੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਇਸ ਮਾਮਲੇ ਵਿੱਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ, ਗ੍ਰਹਿ ਮੰਤਰੀ ਰਾਣਾ ਸਨਾਉੱਲਾ ਅਤੇ ਆਈਐਸਆਈ ਇੰਟੈਲੀਜੈਂਸ ਵਿੰਗ ਦੇ ਮੁਖੀ ਮੇਜਰ-ਜਨਰਲ ਫੈਜ਼ਲ ਨਸੀਰ ’ਤੇ ਕਥਿਤ ਤੌਰ ’ਤੇ ਹੱਤਿਆ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਾਇਆ ਸੀ ਤੇ ਇਨ੍ਹਾਂ ਖਿਲਾਫ਼ ਐਫਆਈਆਰ ਦਰਜ ਨਹੀਂ ਕੀਤੀ ਗਈ ਸੀ।