ਚੰਡੀਗੜ੍ਹ, 30 ਅਗਸਤ
ਪੰਜਾਬ ਵਿਜੀਲੈਂਸ ਬਿਊਰੋ ਅਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀਆਂ ਸਰਗਰਮੀਆਂ ਨੇ ਪੰਜਾਬ ਦੇ ਸਿਆਸੀ ਆਗੂਆਂ ਤੇ ਨੌਕਰਸ਼ਾਹਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਸੂਤਰਾਂ ਅਨੁਸਾਰ ਪੰਜਾਬ ਦੇ ਦਰਜਨ ਦੇ ਕਰੀਬ ਸਿਆਸਤਦਾਨਾਂ ਅਤੇ ਨੌਕਰਸ਼ਾਹਾਂ ਖ਼ਿਲਾਫ਼ ਈਡੀ ਵੱਲੋਂ ਸਰਗਰਮੀ ਨਾਲ ਜਾਂਚ ਕੀਤੀ ਜਾ ਰਹੀ ਹੈ। ਈਡੀ ਵੱਲੋਂ ਪਿਛਲੇ ਦਿਨਾਂ ਦੌਰਾਨ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਨ ਆਸ਼ੂ ਅਤੇ ਉਨ੍ਹਾਂ ਦੇ ਕਰੀਬੀਆਂ ਦੇ ਟਿਕਾਣਿਆਂ ’ਤੇ ਮਾਰੇ ਗਏ ਛਾਪਿਆਂ ਤੋਂ ਬਾਅਦ ਕਾਂਗਰਸੀਆਂ ਦੀ ਸਿਰਦਰਦੀ ਵਧ ਗਈ ਹੈ। ਸੂਤਰਾਂ ਅਨੁਸਾਰ ਈਡੀ ਵੱਲੋਂ ਵਿਜੀਲੈਂਸ ਤੋਂ ਹੁਣ ਤੱਕ ਦਰਜਨ ਤੋਂ ਵੱਧ ਸਿਆਸਦਾਨਾਂ ਅਤੇ ਨੌਕਰਸ਼ਾਹਾਂ ਦੇ ਮਾਮਲੇ ’ਚ ਜਾਣਕਾਰੀ ਮੰਗੀ ਗਈ ਸੀ। ਈਡੀ ਵੱਲੋਂ 6 ਸਾਬਕਾ ਵਜ਼ੀਰਾਂ ਅਤੇ 7 ਸਿਵਲ ਤੇ ਪੁਲੀਸ ਅਫ਼ਸਰਾਂ ਖਿਲਾਫ਼ ਜਾਂਚ ਕੀਤੀ ਜਾ ਰਹੀ ਹੈ। ਈਡੀ ਇਨ੍ਹਾਂ ਸਿਆਸਤਦਾਨਾਂ ਅਤੇ ਅਫ਼ਸਰਾਂ ਦੀਆਂ ਜਾਇਦਾਦਾਂ ਤੇ ਬੈਂਕ ਖਾਤਿਆਂ ਦੀ ਘੋਖ ਕਰ ਰਹੀ ਹੈ। ਸੰਸਦੀ ਚੋਣਾਂ ਤੱਕ ਈਡੀ ਦੀਆਂ ਪੰਜਾਬ ’ਚ ਗਤੀਵਿਧੀਆਂ ਤੇਜ਼ ਹੋਣ ਦੀ ਸੰਭਾਵਨਾ ਹੈ ਤੇ ਅਚਨਚੇਤ ਛਾਪਿਆਂ ਦੇ ਮਾਮਲੇ ਵਧ ਸਕਦੇ ਹਨ।
ਈਡੀ ਨੇ ਹਾਲ ਹੀ ਵਿੱਚ ਇੱਕ ਨਾਇਬ ਤਹਿਸੀਲਦਾਰ ਦੀ ਜਾਇਦਾਦ ਜ਼ਬਤ ਕਰਨ ਦੀ ਕਾਰਵਾਈ ਤਾਂ ਕੀਤੀ ਹੀ ਸੀ, ਨਾਲ ਹੀ ਇੱਕ ਚਰਚਿਤ ਠੇਕੇਦਾਰ ਖ਼ਿਲਾਫ਼ ਵੀ ਸਰਗਰਮੀ ਨਾਲ ਜਾਂਚ ਆਰੰਭੀ ਗਈ ਹੈ। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕਿਸੇ ਸਿਆਸਤਦਾਨ ਜਾਂ ਨੌਕਰਸ਼ਾਹ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਜਿਹੜਾ ਵੀ ਮਾਮਲਾ ਦਰਜ ਕੀਤਾ ਜਾਂਦਾ ਹੈ, ਈਡੀ ਵੱਲੋਂ ਉਸ ਮਾਮਲੇ ਦੀ ਮੁਕੰਮਲ ਜਾਣਕਾਰੀ ਪੇਸ਼ ਕਰਨ ਦੀਆਂ ਹਦਾਇਤਾਂ ਦਿੱਤੀਆਂ ਜਾਂਦੀਆਂ ਹਨ। ਇਸੇ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਕਾਂਗਰਸ ਦੇ ਇੱਕ ਹੋਰ ਸਾਬਕਾ ਵਿਧਾਇਕ ਹਰਜੋਤ ਕਮਲ ਖ਼ਿਲਾਫ਼ ਵੀ ਜਾਂਚ ਆਰੰਭ ਦਿੱਤੀ ਹੈ। ਵਿਜੀਲੈਂਸ ਸੂਤਰਾਂ ਦਾ ਦੱਸਣਾ ਹੈ ਕਿ ਮੋਗਾ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਖ਼ਿਲਾਫ਼ ਖੇਡ ਕਿੱਟਾਂ ’ਚ ਘਪਲੇਬਾਜ਼ੀ ਦੀਆਂ ਸ਼ਿਕਾਇਤਾਂ ਮਿਲੀਆਂ ਸਨ। ਵਿਜੀਲੈਂਸ ਦੇ ਅਧਿਕਾਰੀਆਂ ਅਨੁਸਾਰ ਸਾਬਕਾ ਵਿਧਾਇਕ ਵੱਲੋਂ 5 ਕਰੋੜ ਰੁਪਏ ਦੀ ਕੀਮਤ ਦੀਆਂ ਖੇਡ ਕਿੱਟਾਂ ’ਚ ਘਪਲੇਬਾਜ਼ੀ ਅਤੇ ਘਟੀਆ ਪੱਧਰ ਦੀਆਂ ਵਸਤਾਂ ਖਰੀਦਣ ਦੇ ਦੋਸ਼ ਹਨ। ਸ਼ਿਕਾਇਤਾਂ ਦੇ ਅਧਾਰ ’ਤੇ ਪਹਿਲਾਂ ਮੁਢਲੀ ਜਾਂਚ ਸ਼ੁਰੂ ਕੀਤੀ ਗਈ ਸੀ ਤੇ ਉਸ ਤੋਂ ਬਾਅਦ ਜਦੋਂ ਤੱਥਾਂ ਦੀ ਪੁਸ਼ਟੀ ਹੋ ਗਈ ਤਾਂ ਵਿਜੀਲੈਂਸ ਨੇ ਜਾਂਚ ਦਰਜ ਕਰ ਕੇ ਸਾਬਕਾ ਵਿਧਾਇਕ ਨੂੰ ਭਲਕੇ ਜਾਂਚ ’ਚ ਸ਼ਾਮਲ ਹੋਣ ਲਈ ਸੰਮਨ ਜਾਰੀ ਕੀਤੇ ਹਨ। ਕਾਂਗਰਸ ਦਾ ਇਹ ਸਾਬਕਾ ਵਿਧਾਇਕ ਵਿਧਾਨ ਸਭਾ ਚੋਣਾਂ ਦੇ ਅਮਲ ਦੌਰਾਨ ਭਾਜਪਾ ਵਿੱਚ ਸ਼ਾਮਲ ਹੋ ਗਿਆ ਸੀ। ਵਿਜੀਲੈਂਸ ਵੱਲੋਂ ਕਾਂਗਰਸ ਦੇ ਸਾਬਕਾ ਵਿਧਾਇਕਾਂ ਖ਼ਿਲਾਫ਼ ਜਾਂਚ ਦਾ ਅਮਲ ਦਿਨੋ-ਦਿਨ ਤੇਜ਼ ਕੀਤਾ ਜਾ ਰਿਹਾ ਹੈ।