ਚੰਡੀਗੜ੍ਹ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਨੂੰ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (ਫੇਮਾ) ਦੀ ਉਲੰਘਣਾ ਨਾਲ ਸਬੰਧਤ ਇੱਕ ਮਾਮਲੇ ਵਿੱਚ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਹਨ। ਸੂਤਰਾਂ ਅਨੁਸਾਰ, ਦੋਵਾਂ ‘ਤੇ ਕੁਝ ਵਿਦੇਸ਼ੀ ਜਾਇਦਾਦਾਂ ਦੇ ਲਾਭਪਾਤਰੀ ਹੋਣ ਦਾ ਦੋਸ਼ ਹੈ, ਜਿਸ ਵਿੱਚ ਇੱਕ ਸਵਿਸ ਬੈਂਕ ਖਾਤਾ ਵੀ ਸ਼ਾਮਲ ਹੈ।

ਏਜੰਸੀ ਨੇ ਅਮਰਿੰਦਰ ਸਿੰਘ ਨੂੰ ਵੀਰਵਾਰ ਨੂੰ ਜਲੰਧਰ ਸਥਿਤ ਆਪਣੇ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਹੈ, ਜਦੋਂ ਕਿ ਉਨ੍ਹਾਂ ਦੇ ਪੁੱਤਰ ਨੂੰ ਅਗਲੇ ਦਿਨ ਤਲਬ ਕੀਤਾ ਗਿਆ ਹੈ। ਦੱਸ ਦਈਏ ਕਿ ਅਮਰਿੰਦਰ ਸਿੰਘ ਹਾਲ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਭਰਤੀ ਹਨ, ਇਸ ਲਈ ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਕੋਈ ਨਵੀਂ ਤਰੀਕ ਦਿੱਤੀ ਜਾ ਸਕਦੀ ਹੈ।

ਦੱਸ ਦੇਈਏ ਕਿ ਇਹ ਕਾਰਵਾਈ ਸਤੰਬਰ 2025 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨਾਲ ਜੁੜੀ ਹੋਈ ਹੈ। ਹਾਈ ਕੋਰਟ ਨੇ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ, ਜਿਸ ਵਿੱਚ ਦੋਵਾਂ ਨੇ ਇਨਕਮ ਟੈਕਸ ਵਿਭਾਗ ਦੇ ਚਾਰਜਸ਼ੀਟ ਨਾਲ ਸਬੰਧਤ ਰਿਕਾਰਡ ਦੀ ਜਾਂਚ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ।

ਰਣਇੰਦਰ ਸਿੰਘ ਨੇ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਲਿਖਿਆ, “ਕਾਨੂੰਨ ਦੀ ਪਾਲਣਾ ਕਰਨ ਵਾਲੇ ਨਾਗਰਿਕ ਹੋਣ ਦੇ ਨਾਤੇ, ਅਸੀਂ ਹਰ ਜਾਂਚ ਏਜੰਸੀ ਨਾਲ ਪੂਰਾ ਸਹਿਯੋਗ ਕਰਾਂਗੇ। ਸਾਨੂੰ ਕਾਨੂੰਨ ਦੇ ਰਾਜ ਵਿੱਚ ਪੂਰਾ ਵਿਸ਼ਵਾਸ ਹੈ ਅਤੇ ਸਾਨੂੰ ਵਿਸ਼ਵਾਸ ਹੈ ਕਿ ਸੱਚਾਈ ਅਤੇ ਨਿਆਂ ਦੀ ਜਿੱਤ ਹੋਵੇਗੀ।