ਨਵੀਂ ਦਿੱਲੀ, 5 ਜੁਲਾਈ
ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਕਿਹਾ ਕਿ ਉਨ੍ਹਾਂ ਦਾ ਰਾਜ ਸਾਂਝਾ ਸਿਵਲ ਕੋਡ (ਯੂਸੀਸੀ) ਲਾਗੂ ਕਰਨ ’ਤੇ ਕੰਮ ਕਰ ਰਿਹਾ ਹੈ ਅਤੇ ਸੂਬੇ ’ਚ ਜਲਦੀ ਹੀ ਇਸ ਨੂੰ ਅਮਲ ’ਚ ਲਿਆਂਦਾ ਜਾਵੇਗਾ। ਉਨ੍ਹਾਂ ਪ੍ਰਧਾਨ ਮੰਤਰੀ ਨਾਲ ਯੂਸੀਸੀ ਦੇ ਮੁੱਦੇ ’ਤੇ ਕੋਈ ਚਰਚਾ ਕੀਤੇ ਜਾਣ ਤੋਂ ਇਨਕਾਰ ਕੀਤਾ ਹੈ।
ਧਾਮੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਵਿੱਚ ਸਾਂਝਾ ਸਿਵਲ ਕੋਡ ਜਲਦੀ ਹੀ ਲਾਗੂ ਕੀਤਾ ਜਾਵੇਗਾ ਪਰ ਜਲਦਬਾਜ਼ੀ ਵਿੱਚ ਨਹੀਂ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨਾਲ ਉਨ੍ਹਾਂ ਉੱਤਰਾਖੰਡ ’ਚ ਚੱਲ ਰਹੇ ਵੱਖ ਵੱਖ ਬੁਨਿਆਦੀ ਤੇ ਵਿਕਾਸ ਪ੍ਰਾਜੈਕਟਾਂ ਬਾਰੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਪ੍ਰਧਾਨ ਮੰਤਰੀ ਨੂੰ ਦਸੰਬਰ ਮਹੀਨੇ ਦੇਹਰਾਦੂਨ ’ਚ ਹੋਣ ਵਾਲੇ ਆਲਮੀ ਨਿਵੇਸ਼ਕ ਸੰਮੇਲਨ ’ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਜੋਸ਼ੀਮਠ ’ਚ ਜ਼ਮੀਨਾਂ ਧਸਣ ਕਾਰਨ ਪ੍ਰਭਾਵਿਤ ਲੋਕਾਂ ਦੀ ਮਦਦ ਅਤੇ ਚਾਰ ਧਾਮ ਯਾਤਰਾ ਤੇ ਸੂਬੇ ’ਚ ਜੀਐਸਟੀ ਮਾਲੀਆ ਵਧਣ ਸਮੇਤ ਹੋਰ ਮੁੱਦਿਆਂ ਬਾਰੇ ਪ੍ਰਧਾਨ ਮੰਤਰੀ ਨਾਲ ਚਰਚਾ ਹੋਈ ਹੈ। ਯੂਸੀਸੀ ਬਾਰੇ ਚਰਚਾ ਹੋਣ ਸਬੰਧੀ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਪਹਿਲਾਂ ਤੋਂ ਹੀ ਇਸ ਬਾਰੇ ਜਾਣਦੇ ਹਨ। ਉਨ੍ਹਾਂ ਕਿਹਾ, ‘ਉਹ (ਮੋਦੀ) ਯੂਸੀਸੀ ਦੀਆਂ ਸਾਰੀਆਂ ਤਜਵੀਜ਼ਾਂ ਬਾਰੇ ਜਾਣਦੇ ਹਨ। ਉਨ੍ਹਾਂ ਦਾ ਵਿਚਾਰ ਹੈ ਕਿ ਦੇਸ਼ ਵਿੱਚ ਯੂਸੀਸੀ ਲਾਗੂ ਹੋਣਾ ਚਾਹੀਦਾ ਹੈ।’ ਉਨ੍ਹਾਂ ਇਹ ਕਿਹਾ ਕਿ ਸੂਬਾ ਸਰਕਾਰ ਨੂੰ ਅਜੇ ਤੱਕ ਕੋਡ ’ਤੇ ਰਿਪੋਰਟ ਦਾ ਪੂਰਾ ਖਰੜਾ ਨਹੀਂ ਮਿਲਿਆ ਹੈ। ਉਨ੍ਹਾਂ ਕਿਹਾ, ‘ਅਸੀਂ ਜਲਦੀ ਹੀ ਯੂਸੀਸੀ ਲਿਆਵਾਂਗੇ। ਇਸ ’ਚ ਦੇਰੀ ਨਹੀਂ ਕਰਾਂਗੇ ਅਤੇ ਨਾ ਹੀ ਕੋਈ ਜਲਦਬਾਜ਼ੀ ਕਰਾਂਗੇ ਤਾਂ ਜੋ ਕੋਈ ਖਾਮੀ ਰਹਿ ਜਾਵੇ।’