ਮੋਗਾ, 5 ਜੁਲਾਈ

ਕਿਸਾਨਾਂ ਨੇ ਜਾਮ ਨਗਰ ਬਠਿੰਡਾ ਐਕਸਪ੍ਰੈਸਵੇਅ ਲਈ ਜ਼ਮੀਨਾਂ ਐਕੁਆਇਰ ਕਰ ਕੇ ਬਣਦਾ ਮੁੱਲ ਨਾ ਦੇਣ ਖ਼ਿਲਾਫ਼ ਰੋਡ ਸੰਘਰਸ਼ ਕਮੇਟੀ ਦੇ ਬੈਨਰ ਹੇਠ ਵੱਡੀ ਗਿਣਤੀ ’ਚ ਟਰੈਕਟਰਾਂ ਨਾਲ ਪੁੱਜੇ ਕਿਸਾਨਾਂ ਨੇ ਜ਼ਿਲ੍ਹਾ ਸਕੱਤਰੇਤ ਅੱਗੇ ਮੁਜ਼ਾਹਰਾ ਕਰਦਿਆਂ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਕਿਸਾਨਾਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਉਨ੍ਹਾਂ ਦੀ ਗੱਲ ਨਾ ਸੁਣੀ ਤਾਂ ਚੱਕਾ ਜਾਮ ਕੀਤਾ ਜਾਵੇਗਾ।

ਬੀਕੇਯੂ ਏਕਤਾ ਉਗਰਾਹਾਂ ਆਗੂ ਬਲੌਰ ਸਿੰਘ ਘਾਲੀ ਨੇ ਕਿਹਾ ਕਿ ਪੰਜਾਬ ਵਿੱਚ ਸੜਕਾਂ ਬਣਾਉਣ ਨਾਲ ਪੰਜ ਸੌ ਏਕੜ ਤੋਂ ਵੱਧ ਦਰੱਖਤ ਕੱਟੇ ਜਾ ਰਹੇ ਹਨ। ਕੇਂਦਰ ਸਰਕਾਰ ਤੋਂ ਕਿਸਾਨ ਪਹਿਲਾਂ ਹੀ ਬਹੁਤ ਦੁਖੀ ਸੀ। ਹੁਣ ਨਵੇਂ ਖੇਤੀ ਕਾਨੂੰਨਾਂ ਰਾਹੀਂ ਕਾਰਪੋਰੇਟਾਂ ਨੂੰ ਲਾਹਾ ਪਹੁੰਚਾਉਣ ਲਈ ਪੰਜਾਬ ਸਰਕਾਰ ਕੇਂਦਰ ਨਾਲ ਮਿਲ ਕੇ ਐਕਸਪ੍ਰੈੱਸਵੇਅ ਕੱਢ ਰਹੀ ਹੈ। ਇਸ ਲਈ ਕਿਸਾਨਾਂ ਦੀਆਂ ਜ਼ਮੀਨਾਂ ਕੌਢੀਆਂ ਦੇ ਭਾਅ ਲੈ ਕੇ ਕੇਂਦਰ ਸਰਕਾਰ ਨੂੰ ਦਿੱਤੀਆਂ ਜਾ ਰਹੀਆਂ ਹਨ।

ਇਸ ਮੌਕੇ ਰੋਡ ਸੰਘਰਸ਼ ਕਮੇਟੀ ਸੂਬਾਈ ਪ੍ਰਧਾਨ ਸੁਖਦੇਵ ਸਿੰਘ ਢਿੱਲੋਂ ਅਤੇ ਸੁਬਾਈ ਆਗੂ ਤੇ ਜ਼ਿਲ੍ਹਾ ਪ੍ਰਧਾਾਨ ਗੁਰਦਿਆਲ ਸਿੰਘ ਬੁੱਟਰ, ਸੂਬਾਈ ਕੋਆਰਡੀਨੇਟਰ ਹਰਮਨਪ੍ਰ੍ਰੀਤ ਸਿੰਘ ਡਿੱਕੀ ਜੇਜੀ ਨੇ ਆਰ-ਪਾਰ ਦੀ ਲੜਾਈ ਦਾ ਐਲਾਨ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਨੇ ਅੱਜ ਉਨ੍ਹਾਂ ਦੀ ਗੱਲ ਨਾ ਸੁਣੀ ਤਾਂ ਚੱਕਾ ਜਾਮ ਕੀਤਾ ਜਾਵੇਗਾ। ਜਾਮ ਨਗਰ ਵਾਇਆ ਬਠਿੰਡਾ ਐਕਸਪ੍ਰੈਸਵੇਅ ਲਈ ਜ਼ਮੀਨ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਅੱਜ ਪੱਕੇ ਤੌਰ ’ਤੇ ਪੰਜਾਬ ਸਰਕਾਰ ਖਿਲਾਫ ਧਰਨਾ ਲਾਉਣ ਆਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਨਾਲ ਮਿਲ ਕੇ ਕਿਸਾਨਾਂ ਨੂੰ ਬਰਬਾਦ ਕਰਨ ’ਤੇ ਲੱਗੀ ਹੋਈ ਹੈ। ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਤੇ ਸਰਮਾਏਦਾਰਾਂ ਦੇ ਹੱਥਾਂ ਵਿੱਚ ਕਿਸਾਨਾਂ ਦੀ ਜ਼ਮੀਨ ਦੇਣ ਲਈ ਐਕਸਪ੍ਰੈੱਸਵੇਅ ਪ੍ਰੋਜੈਕਟਾਂ ਨਾਲ ਕੱਢ ਰਹੀ ਹੈ, ਪਰ ਕਿਸਾਨ ਆਪਣੀਆਂ ਜ਼ਮੀਨਾਂ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਜ਼ਮੀਨਾਂ ਨਾ ਦੇਣ ਦੇ ਐਲਾਨ ਦੇ ਬਾਵਜੂਦ ਪੰਜਾਬ ਸਰਕਾਰ ਦੇ ਅਧਿਕਾਰੀ ਜ਼ਮੀਨ ਐਕਵਾਇਰ ਕਰਨ ਦੀ ਪ੍ਰਕਿਰਿਆ ਨਹੀਂ ਰੋਕ ਰਹੇ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਦੀ ਸਾਜ਼ਿਸ਼ ਤਹਿਤ ਪਹਿਲਾਂ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਆਈ ਹੈ ਤੇ ਹੁਣ ਜ਼ਮੀਨਾਂ ’ਤੇ ਕਬਜ਼ਾ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਇਹ ਐਕਸਪ੍ਰੈਸਵੇਅ ਜ਼ਮੀਨ ਤੋਂ 15 ਫੁੱਟ ਦੀ ਉਚਾਈ ’ਤੇ ਬਣਾਇਆ ਜਾਣਾ ਹੈ, ਜਿਸ ਕਾਰਨ ਐਕਸਪ੍ਰੈਸਵੇਅ ਦੇ ਦੋਵੇਂ ਪਾਸਿਆਂ ਦੇ ਜ਼ਮੀਨੀ ਮਾਲਕਾਂ ਦੀ ਬਾਕੀ ਜ਼ਮੀਨ ਵੀ ਬਰਬਾਦ ਹੋ ਜਾਵੇਗੀ, ਕਿਉਂਕਿ ਜ਼ਮੀਨ ਦੋ ਹਿੱਸਿਆਂ ਵਿਚ ਵੰਡੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨ ਘੱਟ ਕੀਮਤ ਉੱਤੇ ਐਕਸਪ੍ਰੈਸਵੇਅ ਲਈ ਜ਼ਮੀਨ ਨਹੀਂ ਦੇਣਗੇ। ਇਹ ਸੜਕ ਰਾਜਨੀਤਕ ਨੇਤਾਵਾਂ ਤੇ ਸਰਮਾਏਦਾਰਾਂ ਦੇ ਫਾਇਦੇ ਲਈ ਬਣਾਈ ਜਾ ਰਹੀ ਹੈ।