ਅੰਮ੍ਰਿਤਸਰ, 3 ਅਗਸਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕੌਮੀ ਜਾਂਚ ਏਜੰਸੀ ਪੰਜਾਬ ਵਿੱਚ ਵੱਡੇ ਪੱਧਰ ’ਤੇ ਛਾਪੇ ਮਾਰ ਕੇ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾ ਰਹੀ ਹੈ। ਉਹ ਅੱਜ ਇੱਥੇ ਅਦਾਲਤ ਵਿੱਚ ‘ਆਪ’ ਆਗੂ ਸੰਜੈ ਸਿੰਘ ਖ਼ਿਲਾਫ਼ ਦਾਇਰ ਮਾਣਹਾਨੀ ਕੇਸ ’ਚ ਪੇਸ਼ੀ ਲਈ ਆਏ ਸਨ। ਪੇਸ਼ੀ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਕਰਨ ਵਾਲੀਆਂ ਖਾਲਸਾ ਏਡ ਵਰਗੀਆਂ ਸੰਸਥਾਵਾਂ ਨੂੰ ਨਾਜਾਇਜ਼ ਢੰਗ ਨਾਲ ਨਿਸ਼ਾਨਾ ਨਹੀਂ ਬਣਾਇਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪੰਜਾਬੀ ਮਹਿਸੂਸ ਕਰ ਰਹੇ ਹਨ ਕਿ ਪੰਜਾਬ ’ਚ ਜਾਣਬੁਝ ਕੇ ਐੱਨਆਈਏ ਵੱਲੋਂ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾਉਣ ਲਈ ਛਾਪੇ ਮਾਰੇ ਜਾ ਰਹੇ ਹਨ। ਕੇਂਦਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਸਿੱਖ ਭਾਈਚਾਰੇ ’ਚ ਇਹ ਪ੍ਰਭਾਵ ਨਾ ਜਾਵੇ ਕਿ ਉਸ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ‘ਸਰਬੱਤ ਦੇ ਭਲੇ’ ਦੇ ਸਿਧਾਂਤ ਮੁਤਾਬਕ ਮਨੁੱਖਤਾ ਦੀ ਭਲਾਈ ਵਾਸਤੇ ਕੰਮ ਕਰਨ ਲਈ ਜਾਣੀ ਚਾਹੀਦੀ ਹੈ। ਸਰਕਾਰ ਨੂੰ ਮਨੁੱਖਤਾ ਦੀ ਸੇਵਾ ਕਰਨ ਵਾਲੀਆਂ ਜਥੇਬੰਦੀਆਂ ਨੂੰ ਨਿਸ਼ਾਨਾ ਬਣਾਉਣ ਤੋਂ ਪਹਿਲਾਂ ਸੋਚਣਾ ਚਾਹੀਦਾ ਹੈ।

‘ਆਪ’ ਸਰਕਾਰ ਨੂੰ ਲੰਮੇ ਹੱਥੀਂ ਲੈਂਦਿਆਂ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਬਿਨਾਂ ਕਿਸੇ ਸੰਵਿਧਾਨਕ ਅਹੁਦੇ ਦੇ ਭਾਰੀ ਸੁਰੱਖਿਆ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜਦੋਂ ਸੰਸਦ ਮੈਂਬਰ ਸਨ ਤਾਂ ਵੀਆਈਪੀ ਸੱਭਿਆਚਾਰ ਦੇ ਖ਼ਿਲਾਫ਼ ਬੋਲਦੇ ਸਨ। ਉਨ੍ਹਾਂ ਪੰਜਾਬੀਆਂ ਨਾਲ ਇਹ ਸੱਭਿਆਚਾਰ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ ਪਰ ਜਿਸ ਤਰੀਕੇ ਕੱਲ੍ਹ ਪਟਿਆਲਾ ’ਚ ਮੁੱਖ ਮੰਤਰੀ ਦੀ ਪਤਨੀ ਨੂੰ ਸੁਰੱਖਿਆ ਦਿੱਤੀ ਗਈ, ਉਸ ਤੋਂ ਉਨ੍ਹਾਂ ਦੇ ਇਸ ਪ੍ਰਤੀ ਦਾਅਵੇ ਖੋਖਲੇ ਸਿੱਧ ਹੋ ਰਹੇ ਹਨ।

ਉਨ੍ਹਾਂ ਨਾਭਾ ਦੇ ਵਿਧਾਇਕ ਦਾ ਹਵਾਲਾ ਦਿੰਦਿਆਂ ‘ਆਪ’ ਸਰਕਾਰ ਦੀ ਅਨੁਸੂਚਿਤ ਜਾਤੀ ਭਾਈਚਾਰੇ ਬਾਰੇ ਸੋਚ ’ਤੇ ਵਿਅੰਗ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਵੇਲੇ ਦਾਅਵਾ ਕੀਤਾ ਸੀ ਕਿ ਉਹ ਸੂਬੇ ਵਿਚ ਦਲਿਤ ਉਪ ਮੁੱਖ ਮੰਤਰੀ ਬਣਾਵੇਗੀ ਪਰ ਜਦੋਂ ਦਲਿਤ ਵਿਧਾਇਕ ਨੇ ਆਪਣਾ ਦਾਅਵਾ ਪੇਸ਼ ਕੀਤਾ ਤਾਂ ਉਸ ਨੂੰ ਕਥਿਤ ਤੌਰ ’ਤੇ ਜ਼ਲੀਲ ਕੀਤਾ ਜਾ ਰਿਹਾ ਹੈ।