ਮਾਨਸਾ, 12 ਮਈ
ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਇੱਥੇ ਦਾਅਵਾ ਕੀਤਾ ਕਿ ਸ਼ਾਹਕੋਟ ਜ਼ਿਮਨੀ ਚੋਣ ਵਿੱਚ ਕਾਂਗਰਸ ਨੂੰ ਹਾਰ ਦਾ ਮੂੰਹ ਦੇਖਣਾ ਪਵੇਗਾ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਹੀ ਪੰਜਾਬ ਸਰਕਾਰ ਵੱਲੋਂ ਜਿਸ ਤਰ੍ਹਾਂ ਪੁਲੀਸ ਅਧਿਕਾਰੀਆਂ ਨੂੰ ਬਲੀ ਦਾ ਬੱਕਰਾ ਬਣਾਇਆ ਜਾ ਰਿਹਾ ਹੈ, ਉਸ ਤੋਂ ਜਾਪਦਾ ਹੈ ਕਿ ਸਰਕਾਰ ਚੋਣਾਂ ਦੌਰਾਨ ਵੀ ਕਿਸੇ ਕਿਸਮ ਦੀ ਗੜਬੜੀ ਦੀ ਕੋਸ਼ਿਸ਼ ਕਰ ਸਕਦੀ ਹੈ। ਉਹ ਮਾਨਸਾ ਜ਼ਿਲ੍ਹੇ ਦੇ ਪਿੰਡਾਂ ਦਾ ਦੌਰਾ ਕਰਨ ਤੋਂ ਬਾਅਦ ਦੇਰ ਸ਼ਾਮ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਕੇਂਦਰੀ ਮੰਤਰੀ ਨੇ ਮਿਸਾਲ ਦਿੰਦਿਆਂ ਕਿਹਾ ਕਿ ਜਿਵੇਂ ਬੇਅੰਤ ਸਿੰਘ ਸਰਕਾਰ ਵੇਲੇ ਸ਼੍ਰੋਮਣੀ ਅਕਾਲੀ ਦਲ ਨੇ ਗਿੱਦੜਬਾਹਾ ਦੀ ਜ਼ਿਮਨੀ ਚੋਣ ਜਿੱਤੀ ਸੀ, ਉਸੇ ਤਰ੍ਹਾਂ ਹੁਣ ਸ਼ਾਹਕੋਟ ਵਿੱਚ ਵੀ ਪਾਰਟੀ ਜਿੱਤ ਹਾਸਲ ਕਰੇਗੀ।
ਉਨ੍ਹਾਂ ਕਿਹਾ ਕਿ ਕਾਂਗਰਸੀ ਉਮੀਦਵਾਰ ਲਾਡੀ ਸ਼ੇਰੋਵਾਲੀਆਂ ’ਤੇ ਕੇਸ ਦਰਜ ਕਰਨ ਵਾਲੇ ਐੱਸ.ਐਚ.ਓ ਪਰਮਿੰਦਰ ਸਿੰਘ ਬਾਜਵਾ ਨੇ ਸਾਰੀ ਕਾਰਵਾਈ ਕਾਨੂੰਨੀ ਦਸਤਾਵੇਜ਼ਾਂ ਦੇ ਆਧਾਰ ਉੱਤੇ ਹੀ ਕੀਤੀ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਕੈਪਟਨ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਭੱਜਣ ਲਈ ਖ਼ਜ਼ਾਨਾ ਖਾਲੀ ਹੋਣ ਦਾ ਝੂਠਾ ਢੰਡੋਰਾ ਪਿੱਟ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਲਾਏ ਗਏ ਪੇਸ਼ੇਵਰਾਨਾ ਟੈਕਸ ਦਾ ਵਿਰੋਧ ਕੀਤਾ। ਹਰਸਿਮਰਤ ਬਾਦਲ ਨੇ ਕਾਂਗਰਸੀ ਆਗੂਆਂ ਵੱਲੋਂ ਕਿਤਾਬਾਂ ਵਿੱਚ ਇਤਿਹਾਸ ਨਾਲ ਛੇੜਛਾੜ ਸਬੰਧੀ ਦਿੱਤੇ ਜਾ ਰਹੇ ਬਿਆਨਾਂ ਨੂੰ ਵੀ ਖਾਨਾਪੂਰਤੀ ਗਰਦਾਨਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਫਫੜੇ, ਡਾ. ਨਿਸ਼ਾਨ ਸਿੰਘ, ਰਘੁਵੀਰ ਸਿੰਘ ਮਾਨਸਾ, ਜਗਸੀਰ ਸਿੰਘ ਅੱਕਾਂਵਾਲੀ, ਸੋਹਣਾ ਸਿੰਘ ਕਲੀਪੁਰ, ਦਰਸ਼ਨ ਸਿੰਘ ਮੰਡੇਰ, ਸ਼ਹਿਰੀ ਪ੍ਰਧਾਨ ਰਾਜਿੰਦਰ ਬਿੱਟੂ ਚੌਧਰੀ, ਰਘੁਵੀਰ ਸਿੰਘ ਚਹਿਲ ਤੇ ਹੋਰ ਹਾਜ਼ਰ ਸਨ।