ਬਟਾਲਾ, 2 ਸਤੰਬਰ

ਕਬੱਡੀ ਖਿਡਾਰੀ ਗੁਰਮੇਜ ਸਿੰਘ ਵਾਸੀ ਪਿੰਡ ਭਗਵਾਨਪੁਰ ਦੇ ਕਤਲ ’ਚ ਸ਼ਾਮਲ 5 ਪੁਲੀਸ ਮੁਲਾਜ਼ਮਾਂ ਨੂੰ ਉੱਚ ਅਧਿਕਾਰੀਆਂ ਨੇ ਬਰਖਾਸਤ ਕਰ ਦਿੱਤਾ ਹੈ। ਇਸ ਕਤਲ ਕਾਂਡ ਸਬੰਧੀ ਬਟਾਲਾ ਪੁਲੀਸ ਨੇ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਜਿਨ੍ਹਾਂ ਵਿੱਚੋਂ 5 ਪੁਲੀਸ ਮੁਲਾਜ਼ਮ ਸਨ। ਐੱਸਐੱਸਪੀ ਬਟਾਲਾ ਰਛਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਪੁਲੀਸ ਮੁਖੀ ਦੀਆਂ ਹਦਾਇਤਾਂ ’ਤੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਹੌਲਦਾਰ ਬਲਕਾਰ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਕਾਲਾ ਬਾਲਾ ਅਤੇ ਹੌਲਦਾਰ ਸੁਰਿੰਦਰਪਾਲ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਮੱਲੀਆਂ ਕਲਾਂ ਜੋ ਮੁੱਖ ਮੰਤਰੀ ਸੁਰੱਖਿਆ ਵਿੱਚ ਤਾਇਨਾਤ ਸੀ, ਨੂੰ ਬਰਖਾਸਤ ਕੀਤਾ ਗਿਆ ਹੈ। ਇਸੇ ਤਰ੍ਹਾਂ ਹੌਲਦਾਰ ਅਵਤਾਰ ਸਿੰਘ ਅੰਮ੍ਰਿਤਸਰ ਸਿਟੀ, ਏਐੱਸਆਈ ਰਣਜੀਤ ਸਿੰਘ ਅੰਮ੍ਰਿਤਸਰ ਸਿਟੀ, ਏਐੱਸਆਈ ਬਲਜੀਤ ਸਿੰਘ ਅੰਮ੍ਰਿਤਸਰ ਸਿਟੀ ਨੂੰ ਕਮਿਸ਼ਨਰ ਪੁਲੀਸ ਅੰਮ੍ਰਿਤਸਰ ਨੇ ਬਰਖਾਸਤ ਕਰ ਦਿੱਤਾ ਹੈ। ਐੱਸਐੱਸਪੀ ਨੇ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਰਿਸ਼ਵਤਖੋਰੀ, ਲਾਪ੍ਰਵਾਹੀ, ਅਣਗਹਿਲੀ ਤੇ ਅਨੁਸ਼ਾਸ਼ਨਹੀਣਤਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸੇ ਦੌਰਾਨ ਪੰਜ ਪੁਲੀਸ ਮਲਾਜ਼ਮਾਂ ਸਣੇ 6 ਮੁਲਜ਼ਮਾਂ ਨੂੰ ਬਟਾਲਾ ਪੁਲੀਸ ਨੇ ਅੱਜ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਿੱਥੇ ਅਦਾਲਤ ਨੇ ਮੁਲਜ਼ਮਾਂ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ।