ਚੰਡੀਗੜ੍ਹ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ’ਤੇ ਸੂਬੇ ਵਿੱਚ ਧਾਰਮਿਕ ਬੇਅਦਬੀ ਦੇ ਕੇਸਾਂ ਦੀ ਜਾਂਚ ਕਰੇ ਰਹੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਅੱਗੇ ਪੇਸ਼ ਹੋਣ ਤੋਂ ਨਾਂਹ ਕਰਨ ਕਰਕੇ ਨਿਆਂ  ਪ੍ਰਕਿਰਿਆ ਵਿੱਚ ਅੜਿੱਕਾ ਪਾਉਣ ਦਾ ਦੋਸ਼ ਲਾਇਆ ਹੈ।
ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਮਿਸ਼ਨ ਅੱਗੇ ਪੇਸ਼ ਹੋਣ ਦੀ ਥਾਂ ਬਡੂੰਗਰ ਜਾਂਚ ਵਿੱਚ ਸਹਿਯੋਗ ਦੇਣ ਤੋਂ ਨਾਂਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਫ਼ਰੀਦਕੋਟ ਦੀ ਬਰਗਾੜੀ ਘਟਨਾ ਸਮੇਤ ਬੇਅਦਬੀ ਦੀਆਂ ਵੱਖ-ਵੱਖ ਘਟਨਾਵਾਂ ਦੀ ਜਾਂਚ ਲਈ  ਨਿਰਪੱਖ ਕਮਿਸ਼ਨ ਸਥਾਪਤ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ, ਜਿਸ ਦਾ ਉਦੇਸ਼ ਸੂਬੇ ਦੀਆਂ ਫ਼ਿਰਕੂ ਤੰਦਾਂ ਨੂੰ ਢਾਹ ਲਾਉਣ ਦੇ ਜ਼ਿੰਮੇਵਾਰ ਲੋਕਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਖੜ੍ਹਾ ਕਰਨਾ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਨਕਾਰਾਤਮਕ ਪਹੁੰਚ ਦੀ ਥਾਂ ਕਮਿਸ਼ਨ ਦੀ ਜਾਂਚ ਦਾ ਸਵਾਗਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਕਮਿਸ਼ਨ ਦੀ ਕਾਰਵਾਈ ਵਿੱਚ ਸਰਕਾਰ ਦੀ ਦਖ਼ਲਅੰਦਾਜ਼ੀ ਦੇ ਹੱਕ ਵਿੱਚ ਨਹੀਂ ਹਨ, ਪਰ ਉਹ ਹਰ ਕੀਮਤ ’ਤੇ ਸੂਬੇ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਵਚਨਬੱਧ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬੇਅਦਬੀ ਦੀਆਂ ਘਟਨਾਵਾਂ ਵਿਰੁੱਧ ਆਵਾਜ਼ ਉਠਾਉਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦਾ ਗਠਨ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਅਪਰੈਲ ਵਿੱਚ ਕੀਤਾ ਗਿਆ ਸੀ ਜਿਸਦਾ ਉਦੇਸ਼ ਪੰਜਾਬ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰਨਾ ਹੈ।