ਮਾਨਸਾ, 5 ਜਨਵਰੀ
ਪੰਜਾਬ ਸਰਕਾਰ ਵੱਲੋਂ 7 ਜਨਵਰੀ ਨੂੰ ਕਰਜ਼ਾ ਮੁਆਫ਼ੀ ਸਬੰਧੀ ਮਾਨਸਾ ਵਿਖੇ ਪੰਜ ਜ਼ਿਲ੍ਹਿਆਂ ਦੇ ਕਿਸਾਨਾਂ ਲਈ ਕੀਤੇ ਜਾ ਰਹੇ ਸੂਬਾਈ ਸਮਾਗਮ ’ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਮੂਲੀਅਤ ਕੀਤੇ ਜਾਣ ਦੀ ਸੰਭਾਵਨਾ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਮਰਕੱਸੇ ਕਰ ਲਏ ਗਏ ਹਨ। ਹਾਲਾਂਕਿ ਸਮਾਗਮ ਹੋਣ ਸਬੰਧੀ ਕਈ ਦਿਨ ਪਹਿਲਾਂ ਹੀ ਤੈਅ ਕਰ ਲਿਆ ਗਿਆ ਸੀ ਪਰ ਮੁੱਖ ਮੰਤਰੀ ਦੀ ਸਿਹਤ ਠੀਕ ਨਾ ਹੋਣ ਕਾਰਨ ਉਨ੍ਹਾਂ ਦੇ ਸ਼ਾਮਲ ਹੋਣ ਜਾਂ ਨਾ ਹੋਣ ਸਬੰਧੀ ਕਈ ਤਰ੍ਹਾਂ ਦੀਆਂ ਕਿਆਸਰਾਈਆਂ ਹਨ। ਡਿਪਟੀ ਕਮਿਸ਼ਨਰ ਮਾਨਸਾ ਧਰਮ ਪਾਲ ਗੁਪਤਾ ਨੇ ਦੱਸਿਆ ਕਿ ਮੁੱਖ ਮੰਤਰੀ ਦੇ 7 ਜਨਵਰੀ ਨੂੰ ਸਮਾਗਮ ਵਿੱਚ ਪੁੱਜਣ ਦੀ ਉਮੀਦ ਹੈ ਤੇ ਇਸ ਸਬੰਧੀ ਪ੍ਰਸ਼ਾਸਨ ਵੱਲੋਂ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਕਿਸੇ ਵੀ ਅਧਿਕਾਰੀ ਨੂੰ ਸਟੇਸ਼ਨ ਛੱਡਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਡੀਸੀ ਨੇ ਦੱਸਿਆ ਕਿ ਸਮਾਗਮ ਵਿੱਚ ਮਾਨਸਾ ਤੋਂ ਇਲਾਵਾ ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਮੋਗਾ ਜ਼ਿਲ੍ਹਿਆਂ ਦੇ ਢਾਈ ਏਕੜ ਜ਼ਮੀਨ ਦੀ ਮਾਲਕੀ ਵਾਲੇ ਕਿਸਾਨਾਂ ਨੂੰ ਸੱਦਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਲੈ ਕੇ ਆਉਣ ਤੇ ਵਾਪਸ ਛੱਡਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ।  ਸੂਬੇ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਅਤੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਨੇ ਇਸ ਸਬੰਧੀ ਬੁੱਧਵਾਰ ਨੂੰ ਮਾਨਸਾ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸਮਾਗਮ ਵਿੱਚ ਸੂਬੇ ਦੀ ਪੂਰੀ ਕੈਬਨਿਟ ਤੇ ਹੋਰ ਉੱਚ ਅਧਿਕਾਰੀ ਸ਼ਮੂਲੀਅਤ ਕਰਨਗੇ । ਮਾਨਸਾ ਦੇ ਪੁਲੀਸ ਮੁਖੀ ਪਰਮਬੀਰ ਸਿੰਘ ਪਰਮਾਰ ਨੇ ਕਿਹਾ ਕਿ ਸੁਰੱਖਿਆ ਤੇ ਟਰੈਫ਼ਿਕ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਦੀ ਅੱਜ ਤੋਂ ਹੀ ਸਮਾਗਮ ਵਾਲੇ ਸਥਾਨ ਦਾਣਾ ਮੰਡੀ ਮਾਨਸਾ ਵਿੱਚ ਡਿਊਟੀ ਲਗਾ ਦਿੱਤੀ ਗਈ ਹੈ।

ਸਿਹਤ ਅਤੇ ਮੌਸਮ ਦੇ ਮਿਜ਼ਾਜ ’ਤੇ ਨਿਰਭਰ ਮੁੱਖ ਮੰਤਰੀ ਦਾ ਦੌਰਾ  
ਚੰਡੀਗੜ੍ਹ: ਮਾਨਸਾ ਵਿੱਚ 7 ਜਨਵਰੀ ਨੂੰ ਕਰਜ਼ਾ ਮੁਆਫ਼ੀ ਸਬੰਧੀ ਕੀਤੇ ਜਾ ਰਹੇ ਸਮਾਗਮਾਂ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਮੂਲੀਅਤ ਬਾਰੇ ਕਈ ਤਰ੍ਹਾਂ ਦੀਆਂ ਕਿਆਸਰਾਈਆਂ ਲਾਈਆਂ ਜਾ ਰਹੀਆਂ ਹਨ। ਹਾਲਾਂਕਿ ਸੂਤਰਾਂ ਦਾ ਕਹਿਣਾ ਹੈ ਕਿ ਸਾਰਾ ਪ੍ਰੋਗਰਾਮ ਮਿੱਥੇ ਸਮੇਂ ਅਨੁਸਾਰ ਹੀ ਹੋਵੇਗਾ। ਪ੍ਰਾਪਤ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਦੀ ਸਿਹਤ ਠੀਕ ਨਹੀਂ ਹੈ ਤੇ ਜੇ ਸੱਤ ਜਨਵਰੀ ਤੱਕ ਉਹ ਸਿਹਤਯਾਬ ਹੋ ਜਾਂਦੇ ਹਨ ਤਾਂ ਸਮਾਗਮ ਵਿੱਚ ਸ਼ਮੂਲੀਅਤ ਕਰਨਗੇ। ਇਸ ਤੋਂ ਇਲਾਵਾ ਉਨ੍ਹਾਂ ਦਾ ਦੌਰਾ ਮੌਸਮ ਦੇ ਮਿਜਾਜ਼ ’ਤੇ ਵੀ ਨਿਰਭਰ ਕਰਦਾ ਹੈ। ਖ਼ਰਾਬ ਮੌਸਮ ਕਾਰਨ ਜੇ ਉਨ੍ਹਾਂ ਦਾ ਹੈਲੀਕਾਪਟਰ ਉਡਾਣ ਨਾ ਭਰ ਸਕਿਆ ਤਾਂ ਉਹ ਚੰਡੀਗੜ੍ਹ ਤੋਂ ਹੀ ਕਰਜ਼ਾ ਮੁਆਫ਼ੀ ਸਕੀਮ ਦਾ ਉਦਘਾਟਨ ਕਰ ਸਕਦੇ ਹਨ।