ਅੰਮ੍ਰਿਤਸਰ, ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨ ਮੋਰਚੇ ਵੱਲੋਂ ਦਿੱਲੀ ਤੋਂ ਬਾਅਦ ਹੁਣ ਕਰਨਾਲ ਵਿਚ ਲਾਏ ਗਏ ਮੋਰਚੇ ਵਿਖੇ ਵੀ ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਦੀ ਸੇਵਾ ਮੁਹੱਈਆ ਕੀਤੀ ਜਾਵੇਗੀ। ਇਹ ਖੁਲਾਸਾ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇੱਥੇ ਮੀਡੀਆ ਨਾਲ ਗੱਲ ਕਰਦਿਆਂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਵੱਖ ਵੱਖ ਵਰਗਾਂ ਦੇ ਲੋਕਾਂ ਵੱਲੋਂ ਸੋਸ਼ਲ ਮੀਡੀਆ ਰਾਹੀਂ ਕਰਨਾਲ ਵਿੱਚ ਲੱਗੇ ਕਿਸਾਨ ਧਰਨੇ ਵਿਚ ਲੰਗਰ ਲਾਉਣ ਵਾਸਤੇ ਅਪੀਲ ਕੀਤੀ ਗਈ ਹੈ, ਜਿਸ ਦੇ ਆਧਾਰ ’ਤੇ ਸ਼੍ਰੋਮਣੀ ਕਮੇਟੀ ਨੇ ਕਰਨਾਲ ਵਿਖੇ ਕਿਸਾਨਾਂ ਵਾਸਤੇ ਲੰਗਰ ਦੀ ਸੇਵਾ ਸ਼ੁਰੂ ਕਰ ਦਿੱਤੀ ਹੈ। ਇਸ ਲੰਗਰ ਦੌਰਾਨ ਜਿੱਥੇ ਕਿਸਾਨਾਂ ਵਾਸਤੇ ਪ੍ਰਸ਼ਾਦੇ ਦਾ ਪ੍ਰਬੰਧ ਕੀਤਾ ਗਿਆ ਉਥੇ ਪਾਣੀ ਅਤੇ ਚਾਹ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਹਰਿਆਣਾ ਅਤੇ ਪੰਜਾਬ ਦੇ ਨੇੜਲੇ ਗੁਰਦੁਆਰਿਆਂ ਦਾ ਪ੍ਰਬੰਧਕੀ ਅਮਲਾ ਇਸ ਸੇਵਾ ਲਈ ਉੱਥੇ ਪੁੱਜ ਗਿਆ ਹੈ।