ਚੰਡੀਗੜ੍ਹ/10 ਅਕਤੂਬਰ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਸਰਕਾਰ ਨੂੰ ਜਨਵਰੀ 2017 ਤੋਂ ਬਕਾਇਆ ਸੂਬੇ ਦਾ ਕਰਮਚਾਰੀਆਂ ਦਾ ਮਹਿੰਗਾਈ ਭੱਤਾ (ਡੀਏ) ਇੱਕ ਹਫ਼ਤੇ ਦੇ ਅੰਦਰ ਜਾਰੀ ਕਰਨ ਅਤੇ ਦੀਵਾਲੀ ਦੇ ਤਿਉਹਾਰ ਦੇ ਮੌਕੇ ਉਤੇ ਮੁਲਾਜ਼ਮਾਂ ਦੀਆਂ ਤਨਖਾਹਾਂ 26 ਅਕਤੂਬਰ ਤਕ ਦੇਣ ਲਈ ਆਖਿਆ ਹੈ।

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਕਿੰਨੇ ਅਫਸੋਸ ਦੀ ਗੱਲ ਹੈ ਕਿ ਪੰਜਾਬ ਸਰਕਾਰ ਕਰਮਚਾਰੀਆਂ ਨੂੰ ਡੀਏ ਦੇ ਬਕਾਏ ਨਹੀਂ ਦੇ ਰਹੀ ਹੈ ਅਤੇ ਉਹਨਾਂ ਦੇ 5000 ਕਰੋੜ ਰੁਪਏ ਤੋਂ ਵੱਧ ਦੇ ਬਕਾਏ ਦੱਬੀ ਬੈਠੀ ਹੈ। ਉਹਨਾਂ ਕਿਹਾ ਕਿ ਇਸ ਦੇ ਉਲਟ ਕੇਂਦਰ ਸਰਕਾਰ ਨੇ 50 ਲੱਖ ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ 16 ਹਜ਼ਾਰ ਕਰੋੜ ਰੁਪਏ ਦਾ ਵਾਧੂ ਲਾਭ ਦਿੰਦਿਆਂ ਇਸ ਸਾਲ ਇੱਕ ਜੁਲਾਈ ਤੋਂ ਡੀਏ ਅਤੇ ਆਰਏ ਵਿਚ 5 ਫੀਸਦੀ ਵਾਧਾ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਵੀ ਕੇਂਦਰ ਦੀ ਤਰਜ਼ ਉੱਤੇ ਇਸ ਸਾਲ ਜੁਲਾਈ ਤੋ ਡੀਏ ਵਿਚ 5 ਫੀਸਦੀ ਵਾਧਾ ਕਰਨਾ ਚਾਹੀਦਾ ਹੈ ਅਤੇ ਡੀਏ ਬਕਾਏ ਤੁਰੰਤ ਜਾਰੀ ਕਰਨੇ ਚਾਹੀਦੇ ਹਨ।

ਕਾਂਗਰਸ ਸਰਕਾਰ ਨੂੰ ਤੁਰੰਤ ਇਹ ਕਦਮ ਚੁੱਕਣ ਲਈ ਆਖਦਿਆਂ ਸਰਦਾਰ ਗਰੇਵਾਲ ਨੇ ਕਿਹਾ ਕਿ ਪਿਛਲੇ ਸਾਲ ਮੁਲਾਜ਼ਮਾਂ ਨੂੰ ਕਾਲੀ ਦੀਵਾਲੀ ਮਨਾਉਣ ਵਾਸਤੇ ਮਜ਼ਬੂਰ ਕੀਤਾ ਗਿਆ ਸੀ। ਉਹਨਾਂ ਨੂੰ ਡੀਏ ਦੇ ਬਕਾਏ ਇਸ ਸਾਲ ਦੀਵਾਲੀ ਤੋਂ ਪਹਿਲਾਂ ਦੇਣੇ ਚਾਹੀਦੇ ਹਨ। ਉਹਨਾਂ ਇਹ ਵੀ ਮੰਗ ਕੀਤੀ ਕਿ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਤੁਰੰਤ ਦਾਖ਼ਲ ਕਰਨੀ ਚਾਹੀਦੀ ਹੈ ਅਤੇ ਇਸ ਨੂੰ ਜਲਦੀ ਤੋਂ ਜਲਦੀ ਲਾਗੂ ਕੀਤਾ ਜਾਣਾ ਚਾਹੀਦਾ ਹੈ।  ਅਕਾਲੀ ਆਗੂ ਨੇ ਇਹ ਵੀ ਮੰਗ ਕੀਤੀ ਕਿ ਠੇਕੇ ਤੇ ਰੱਖੇ 27 ਹਜ਼ਾਰ ਕਾਮਿਆਂ ਨੂੰ ਤੁਰੰਤ ਪੱਕੇ ਕਰਨਾ ਚਾਹੀਦਾ ਹੈ ਅਤੇ ਸਰਕਾਰ ਨੂੰ ਨਵੀਂ ਭਰਤੀ ਹੋਏ ਕਰਮਚਾਰੀਆਂ ਨੂੰ  ਤਿੰਨ ਸਾਲ ਲਈ ਪ੍ਰੋਬੇਸ਼ਨ ਪੀਰੀਅਡ  ਉੱਤੇ ਰੱਖਣ ਦੀ ਪ੍ਰਥਾ ਤੁਰੰਤ ਬੰਦ ਕਰਨੀ ਚਾਹੀਦੀ ਹੈ।