ਬਠਿੰਡਾ, 22 ਜੁਲਾਈ

ਪੁਲੀਸ ਨੇ ਇਥੋਂ ਦੇ ਸਿਵਲ ਲਾਈਨ ਥਾਣੇ ਵਿਚ ਆਮ ਆਦਮੀ ਪਾਰਟੀ (ਆਪ) ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਐਡਵੋਕੇਟ ਨਵਦੀਪ ਜੀਦਾ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਮਰਦੀਪ ਰਾਜਨ ਸਮੇਤ 15-20 ਅਣਪਛਾਤਿਆਂ ਖ਼ਿਲਾਫ਼ ਧਾਰਾ 188, 269, 270 ਸੈਕਸ਼ਨ 51 ਡੀਐੱਮ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ।

ਇਹ ਕੇਸ 20 ਜੁਲਾਈ ਨੂੰ ਪਾਰਟੀ ਵੱਲੋਂ ਕੇਂਦਰੀ ਆਰਡੀਨੈਂਸਾਂ ਖ਼ਿਲਾਫ਼ ਟਰੈਕਟਰਾਂ ’ਤੇ ਸਵਾਰ ਹੋ ਕੇ ਕੀਤੇ ਗਏ ਪ੍ਰਦਰਸ਼ਨ ਦੇ ਸੰਦਰਭ ਵਿਚ ਹੈ। ਐੱਫਆਈਆਰ ਮੁਤਾਬਿਕ ਇਕ ਫ਼ੋਟੋ ਸ਼ੋਸ਼ਲ ਮੀਡੀਆ ’ਤੇ ਵਾਇਲਰ ਹੋਈ, ਜਿਸ ਵਿਚ ਆਗੂਆਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਦਿੱਤਾ ਜਾ ਰਿਹਾ ਸੀ ਤਾਂ ਵਫ਼ਦ ਦੇ ਮੈਂਬਰਾਂ ਨੇ ਸਮਾਜਿਕ ਦੂਰੀ ਅਤੇ ਮਾਸਕ ਦੀ ਵਰਤੋਂ ਪ੍ਰਤੀ ਅਣਗਹਿਲੀ ਵਰਤੀ। ਅਜੇ ਤੱਕ ਇਸ ਕੇਸ ’ਚ ਕੋਈ ਗ੍ਰਿਫ਼ਤਾਰੀ ਨਹੀਂ ਹੋਈ।