ਨਵੀਂ ਦਿੱਲੀ, 19 ਅਗਸਤ

ਕਲਕੱਤਾ ਹਾਈ ਕੋਰਟ ਨੇ ਅੱਜ ਮਮਤਾ ਬੈਨਰਜੀ ਸਰਕਾਰ ਨੂੰ ਝਟਕਾ ਦਿੰਦਿਆਂ ਸੀਬੀਆਈ ਨੂੰ ਹੁਕਮ ਦਿੱਤੇ ਹਨ ਕਿ ਉਹ ਪੱਛਮੀ ਬੰਗਾਲ ਵਿਚ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੀ ਜਾਂਚ ਕਰੇ। ਇਸ ਤੋਂ ਇਲਾਵਾ ਸੁਪਰੀਮ ਕੋਰਟ ਦੇ ਸਾਬਕਾ ਜੱਜ ਦੀ ਅਗਵਾਈ ਹੇਠ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਵਲੋਂ ਚੋਣਾਂ ਤੋਂ ਬਾਅਦ ਹੋਈਆਂ ਮਾਮੂਲੀ ਹਿੰਸਾ ਦੀਆਂ ਘਟਨਾਵਾਂ ਦੀ ਜਾਂਚ ਕੀਤੀ ਜਾਵੇਗੀ। ਇਸ ਤੋਂ ਬਾਅਦ ਸੀਬੀਆਈ ਤੇ ਸਿੱਟ ਵਲੋਂ ਆਪਣੀ ਰਿਪੋਰਟ ਹਾਈ ਕੋਰਟ ਨੂੰ ਛੇ ਹਫਤਿਆਂ ਅੰਦਰ ਸੌਂਪੀ ਜਾਵੇਗੀ। ਤ੍ਰਿਣਮੂਲ ਕਾਂਗਰਸ ਵਰਕਰਾਂ ’ਤੇ ਦੋਸ਼ ਲੱਗੇ ਸਨ ਕਿ ਦੋ ਮਈ ਨੂੰ ਚੋਣ ਨਤੀਜਿਆਂ ਤੋਂ ਬਾਅਦ ਤ੍ਰਿਣਮੂਲ ਕਾਂਗਰਸ ਵਰਕਰਾਂ ਵਲੋਂ ਭਾਜਪਾ ਵਰਕਰਾਂ ਨਾਲ ਜ਼ਿਆਦਤੀ ਕੀਤੀ ਗਈ। ਇਸ ਤੋਂ ਇਲਾਵਾ ਹੱਤਿਆ ਤੇ ਜਬਰ-ਜਨਾਹ ਬਾਰੇ ਵੀ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ।