ਜਲੰਧਰ, ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਨੇ ਸੂਬੇ ਦੇ ਸਾਰੇ ਐੱਸਐੱਸਪੀਜ਼ ਨੂੰ ਹਦਾਇਤਾਂ ਦਿੱਤੀਆਂ ਹਨ ਕਿ ਉਹ ਪੰਜਾਬ ਵਿੱਚ ਪੜ੍ਹ ਰਹੇ ਕਸ਼ਮੀਰੀ ਵਿਦਿਆਰਥੀਆਂ ਅੰਦਰ ਪੈਦਾ ਹੋਏ ਬੇਗਾਨਗ਼ੀ ਦੇ ਅਹਿਸਾਸ ਨੂੰ ਦੂਰ ਕਰਨ। ਅੱਜ ਇੱਥੇ ਪੀਏਪੀ ਵਿਚ 59ਵੀਂ ਪੁਲੀਸ ਯਾਦਗਾਰੀ ਦਿਵਸ ਪਰੇਡ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਜੀਪੀ ਨੇ ਦੱਸਿਆ ਕਿ ਉਨ੍ਹਾਂ ਐੱਸਐੱਸਪੀਜ਼ ਨੂੰ ਕਿਹਾ ਹੈ ਕਿ ਉਹ ਵਿਦਿਅਕ ਅਦਾਰਿਆਂ ਦੇ ਪ੍ਰਬੰਧਕਾਂ ਅਤੇ ਵਿਦਿਆਥੀਆਂ ਨਾਲ ਸਿੱਧਾ ਰਾਬਤਾ ਬਣਾਉਣ ਤੇ ਇਹ ਯਕੀਨ ਦਿਵਾਉਣ ਕਿ ਉਹ ਕਿਸੇ ਵੀ ਮੁਸ਼ਕਲ ਸਮੇਂ ਪੁਲੀਸ ਅਧਿਕਾਰੀਆਂ ਨਾਲ ਰਾਬਤਾ ਕਾਇਮ ਕਰਕੇ ਆਪਣੀ ਸਮੱਸਿਆਵਾਂ ਦੱਸ ਸਕਦੇ ਹਨ। ਡੀਜੀਪੀ ਸ੍ਰੀ ਅਰੋੜਾ ਨੇ ਕਿਹਾ ਕਿ ਇਹ ਬਹੁਤ ਹੀ ਸੰਵੇਦਨਸ਼ੀਲ ਮਾਮਲਾ ਹੈ ਕਿ ਇੱਥੇ ਪੜ੍ਹ ਰਹੇ ਵਿਦਿਆਰਥੀਆਂ ’ਤੇ ਕੌਮ ਦੇ ਆਧਾਰ ’ਤੇ ਸ਼ੱਕ ਕੀਤਾ ਜਾਵੇ। ਉਹ ਸਾਡੇ ਬੱਚੇ ਹਨ, ਉਨ੍ਹਾਂ ਨੂੰ ਪੜ੍ਹਾਈ ਲਈ ਚੰਗਾ ਮਾਹੌਲ ਦੇਣਾ ਸਾਡੀ ਜ਼ਿੰਮੇਵਾਰੀ ਹੈ। ਸ੍ਰੀ ਅਰੋੜਾ ਨੇ ਕਿਹਾ ਕਿ ਜੇਕਰ ਕੋਈ ਨਾਗਰਿਕ ਕਾਨੂੰਨ ਦੀ ਉਲੰਘਣਾ ਕਰਦਾ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਆਪਣਾ ਰਾਹ ਅਖ਼ਤਿਆਰ ਕਰੇਗਾ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਡੀਜੀਪੀ (ਇੰਟੈਲੀਜੈਂਸ) ਵੱਲੋਂ ਅਜਿਹਾ ਪ੍ਰੋਫਾਰਮਾ ਜਾਰੀ ਕਰਕੇ ਦੂਜੇ ਸੂਬਿਆਂ ਤੋਂ ਆਏ ਵਿਦਿਆਰਥੀਆਂ ਦਾ ਵੇਰਵਾ ਮੰਗਿਆ ਗਿਆ ਸੀ ਤੇ ਨਾਲ ਹੀ ਉਨ੍ਹਾਂ ਦਾ ਆਧਾਰ ਨੰਬਰ ਵੀ ਲਿਆ ਜਾ ਰਿਹਾ ਸੀ। ਪੁਲੀਸ ਵੱਲੋਂ ਇੱਕਠੇ ਕੀਤੇ ਜਾ ਰਹੇ ਇਨ੍ਹਾਂ ਅੰਕੜਿਆਂ ਬਾਰੇ ਮੀਡੀਆਂ ਵਿੱਚ ਛਪੀਆਂ ਰਿਪੋਰਟਾਂ ਨਾਲ ਜੰਮੂ ਕਸ਼ਮੀਰ ਤੋਂ ਇੱਥੇ ਪੜ੍ਹਦੇ ਵਿਦਿਆਰਥੀਆਂ ਦੇ ਮਨਾਂ ਵਿੱਚ ਬੇਗ਼ਾਨਗੀ ਤੇ ਡਰ ਪੈਦਾ ਹੋ ਗਿਆ ਤੇ ਜੰਮੂ ਕਸ਼ਮੀਰ ਵਿੱਚ ਬੈਠੇ ਉਨ੍ਹਾਂ ਦੇ ਮਾਪੇ ਵੀ ਫ਼ਿਕਰਾਂ ਵਿਚ ਪੈ ਗਏ। ਕਈ ਕਸ਼ਮੀਰੀ ਵਿਦਿਆਰਥੀ ਆਪਣੀ ਪੜ੍ਹਾਈ ਛੱਡ ਕੇ ਵਾਪਸ ਘਰਾਂ ਨੂੰ ਵੀ ਚਲੇ ਗਏ।
ਸ੍ਰੀ ਅਰੋੜਾ ਨੇ ਦੱਸਿਆ ਕਿ ਜੇਕਰ ਦੂਜੇ ਸੂਬੇ ਦੇ ਵਿਦਿਆਰਥੀਆਂ ਨੂੰ ਕੋਈ ਸ਼ਿਕਾਇਤ ਹੈ ਤਾਂ ਇਸ ਦੇ ਹੱਲ ਲਈ ਏਡੀਜੀਪੀ (ਕਮਿਊਨਿਟੀ ਪੁਲੀਸਿੰਗ) ਈਸ਼ਵਰ ਸਿੰਘ ਅਤੇ ਆਈਜੀ ਵੀ. ਨੀਰਜਾ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਲਈ ਵਿਦਿਆਰਥੀ ਇਨ੍ਹਾਂ ਅਧਿਕਾਰੀਆਂ ਨਾਲ ਰਾਬਤਾ ਕਰ ਸਕਦੇ ਹਨ। ਇਕ ਹੋਰ ਸਵਾਲ ਦੇ ਜਵਾਬ ਵਿੱਚ ਡੀਜੀਪੀ ਨੇ ਕਿਹਾ ਕਿ ਨੌਜਵਾਨਾਂ ਨੂੰ ਗੁਮਰਾਹ ਕਰਨ ਲਈ ਸੋਸ਼ਲ ਮੀਡੀਆ ’ਤੇ ਕੀਤੀਆਂ ਜਾ ਰਹੀਆਂ ਕੋਝੀਆਂ ਕੋਸ਼ਿਸ਼ਾਂ ਪ੍ਰਤੀ ਸਖ਼ਤੀ ਨਾਲ ਨਿਪਟਿਆ ਜਾਵੇਗਾ। ਡੀਜੀਪੀ ਨੇ ਦੱਸਿਆ ਕਿ ਅੰਮ੍ਰਿਤਸਰ ਰੇਲ ਹਾਦਸੇ ਦੀ ਅਪਰਾਧਿਕ ਜ਼ਿੰਮੇਵਾਰੀ ਤੈਅ ਕਰਨ ਲਈ ਏਡੀਜੀਪੀ (ਰੇਲਵੇ) ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਜਾਂਚ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸੇ ਪਾਸੇ ਤੋਂ ਤਾਂ ਅਣਗਹਿਲੀ ਹੋਈ ਹੈ ਤੇ ਇਸ ਦੀ ਜ਼ਿੰਮੇਵਾਰੀ ਤੈਅ ਕਰਨ ਲਈ ਜਾਂਚ ਦੇ ਹੁਕਮ ਦਿੱਤੇ ਹਨ।