ਦਿੱਲੀ/ਚੰਡੀਗੜ•/17 ਜਨਵਰੀ: ਦੋਆਬਾ ਖੇਤਰ ਵਿਚ ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਬਲਾਚੌਰ ਵਿਧਾਨ ਸਭਾ ਹਲਕੇ ਤੋਂ ਪਾਰਟੀ ਦੇ ਸਾਬਕਾ ਉਮੀਦਵਾਰ ਅਤੇ ਉੱਘੇ ਯੂਥ ਆਗੂ ਰਾਜਵਿੰਦਰ ਸਿੰਘ ਲੱਕੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ।
ਰਾਜਵਿੰਦਰ ਲੱਕੀ ਬਲਾਚੌਰ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਸ਼ੋਕ ਚੇਚੀ ਅਤੇ ਸਾਬਕਾ ਬਲਾਕ ਸੰਮਤੀ ਮੈਂਬਰਾਂ ਵਿਜੈ ਕੁਮਾਰ ਅਤੇ ਵਰਿੰਦਰ ਕਟਾਰੀਆ ਸਮੇਤ ਆਪਣੀ ਸਮੁੱਚੀ ਟੀਮ ਸਮੇਤ ਅਕਾਲੀ ਦਲ ਵਿਚ ਸ਼ਾਮਿਲ ਹੋਏ ਹਨ। ਯੂਥ ਆਗੂ ਨੇ ਕਾਂਗਰਸ ਤੋਂ ਮੋਹ ਭੰਗ ਹੋਣ ਬਾਰੇ ਦੱਸਦਿਆਂ ਕਿਹਾ ਕਿ ਕਾਂਗਰਸ ਨੇ ਨੌਜਵਾਨਾਂ ਨਾਲ ਕੀਤੇ ਸਾਰੇ ਵਾਅਦਿਆਂ ਤੋਂ ਮੁਕਰ ਕੇ ਉਹਨਾਂ ਨਾਲ ਵਿਸ਼ਵਾਸ਼ਘਾਤ ਕੀਤਾ ਹੈ।ਉਹਨਾਂ ਕਿਹਾ ਕਿ ਘਰ ਘਰ ਨੌਕਰੀ ਦੀ ਤਾਂ ਗੱਲ ਹੀ ਛੱਡ ਦਿਓ ਕਾਂਗਰਸ ਸਰਕਾਰ ਨੇ ਪਿਛਲੇ ਦੋ ਸਾਲਾਂ ਦੌਰਾਨ ਨੌਜਵਾਨਾਂ ਨੂੰ ਕੋਈ ਨੌਕਰੀ ਨਹੀਂ ਦਿੱਤੀ ਹੈ। ਉਹਨਾਂ ਕਿਹਾ ਕਿ ਇਥੋਂ ਤਕ ਨੌਜਵਾਨਾਂ ਨਾਲ ਕੀਤਾ ਬੇਰੁਜ਼ਗਾਰੀ ਭੱਤਾ ਦੇਣ ਦਾ ਵਾਅਦਾ ਵੀ ਖੋਖਲਾ ਸਾਬਿਤ ਹੋਇਆ ਹੈ।
ਰਾਜਵਿੰਦਰ ਲੱਕੀ ਦਾ ਅਕਾਲੀ ਦਲ ਵਿਚ ਸਵਾਗਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇੱਕ ਅਜਿਹੇ ਨੌਜਵਾਨ ਆਗੂ ਦੇ ਆਉਣ ਨਾਲ ਪਾਰਟੀ ਮਜ਼ਬੂਤ ਹੋਈ ਹੈ, ਜੋ ਕਿ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਨਿਭਾ ਚੁੱਕੇ ਹਨ। ਇਸ ਤੋਂ ਇਲਾਵਾ ਉਹ ਸਟੇਟ ਯੂਥ ਕਾਂਗਰਸ ਦੇ ਜਨਰਲ ਸਕੱਤਰ ਰਹਿ ਚੁੱਕੇ ਹਨ।
ਇਸ ਮੌਕੇ ਉੱਪਰ ਬੋਲਦਿਆਂ ਸਰਦਾਰ ਬਾਦਲ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਦੇ ਮੁੜ ਤੋਂ ਦੇਸ਼ ਦੀ ਸੱਤਾ ਹਾਸਿਲ ਕਰਨ ਦੇ ਮਨਸੂਬੇ ਨੂੰ ਨਾਕਾਮ ਕਰ ਦੇਣ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਇਕ-ਨੁਕਾਤੀ ਏਜੰਡਾ ਜਗਦੀਸ਼ ਟਾਈਟਲਰ ਅਤੇ ਕਮਲ ਨਾਥ ਸਮੇਤ 1984 ਨਸਲਕੁਸ਼ੀ ਦੇ ਦੋਸ਼ੀਆਂ ਨੂੰ ਬਚਾਉਣਾ ਹੈ। ਉਹਨਾਂ ਕਿਹਾ ਕਿ ਕਾਂਗਰਸ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰਨ ਲਈ ਸਾਰੇ ਪੰਜਾਬੀਆਂ ਨੂੰ ਇੱਕਜੁਟ ਹੋਣਾ ਚਾਹੀਦਾ ਹੈ। ਇਹ ਪਾਰਟੀ ਗਾਂਧੀ ਪਰਿਵਾਰ ਨੂੰ ਬਚਾਉਣ ਉੱਤੇ ਤੁਲੀ ਹੈ, ਜੋ ਕਿ 1984 ਵਿਚ ਦਿੱਲੀ ਅਤੇ ਦੇਸ਼ ਦੇ ਦੂਜੇ ਹਿੱਸਿਆਂ ਵਿਚ 3 ਹਜ਼ਾਰ ਸਿੱਖਾਂ ਦੇ ਸਮੂਹਿਕ ਕਤਲੇਆਮ ਲਈ ਸਿੱਧੇ ਤੌਰ ਤੇ ਜ਼ਿੰਮੇਵਾਰ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪਾਰਟੀ ਸਾਂਸਦ ਬਲਵਿੰਦਰ ਸਿੰਘ ਭੂੰਦੜ ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੀ ਹਾਜ਼ਿਰ ਸਨ।