ਬਟਾਲਾ, 16 ਅਗਸਤ
ਇੱਥੋਂ ਨੇੜਲੇ ਪਿੰਡ ਸਦਾਰੰਗ ਵਿੱਚ ਲੰਘੀ ਦੇਰ ਸ਼ਾਮ ਕਰੀਬ ਸਾਢੇ ਅੱਠ ਵਜੇ ਤੇਜ਼ਧਾਰ ਹਥਿਆਰਾਂ ਨਾਲ ਲੈੱਸ ਕੁੱਝ ਅਣਪਛਾਤੇ ਹਮਲਾਵਰਾਂ ਨੇ ਕਾਂਗਰਸੀ ਸਰਪੰਚ ‘ਤੇ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ ਜਿਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਮ੍ਰਿਤਕ ਦੀ ਪਛਾਣ ਬਲਜੀਤ ਸਿੰਘ (47) ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਸਦਾਰੰਗ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਰੰਗੜ ਨੰਗਲ ਦੀ ਪੁਲੀਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ। ਪ੍ਰਾਪਤ ਵੇਰਵਿਆਂ ਅਨੁਸਾਰ ਮ੍ਰਿਤਕ ਦੇਰ ਸ਼ਾਮ ਆਪਣੇ 8 ਸਾਲਾ ਲੜਕੇ ਨਾਲ ਪਿੰਡ ਵਿੱਚ ਹੀ ਕਿਸੇ ਦੇ ਘਰ ਗਿਆ ਸੀ ਅਤੇ ਦੇਰ ਰਾਤ ਕਰੀਬ ਸਾਢੇ ਅੱਠ ਵਜੇ ਆਪਣੇ ਘਰ ਵਾਪਸ ਆ ਰਿਹਾ ਸੀ ਅਤੇ ਉਸ ਦੇ ਘਰ ਪਹੰਚਣ ਤੋਂ ਪਹਿਲਾਂ ਹੀ ਗਲੀ ਵਿੱਚ ਅਣਪਛਾਤੇ ਹਮਲਾਵਰਾਂ ਨੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ। ਹਮਲਾਵਰਾਂ ਨੇ ਉਸ ਨੂੰ ਬਹੁਤ ਬੁਰੀ ਤਰ੍ਹਾਂ ਵੱਢਿਆ ਅਤੇ ਉਸ ਦੇ ਮੂੰਹ-ਸਿਰ ਸਣੇ ਸਰੀਰ ਦੇ ਸਾਰੇ ਅੰਗਾਂ ‘ਤੇ ਹੀ ਵਾਰ ਕੀਤੇ। ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਥਾਣਾ ਰੰਗੜ ਨੰਗਲ ਦੇ ਪੁਲੀਸ ਅਧਿਕਾਰੀਆਂ ਅਨੁਸਾਰ ਪੀੜਤ ਪਰਿਵਾਰ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਘਟਨਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।