ਚੰਡੀਗੜ੍ਹ, 29 ਨਵੰਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ’ਤੇ ਕਿਸਾਨ ਵਿਰੋਧੀ ਹੋਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਅਕਾਲੀ ਦਲ ਵੱਲੋਂ ਪੇਸ਼ ਕੀਤੇ ਕੰਮ ਰੋਕੂ ਮਤੇ ਨੂੰ ਰੱਦ ਕਰਕੇ ਸਰਕਾਰੀ ਧਿਰ ਨੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਹਾਕਮ ਧਿਰ ਨੇ ਕਿਸਾਨ ਕਰਜ਼ਾ ਮੁਆਫੀ ਨੂੰ ਲਾਗੂ ਕਰਨ ਵਿੱਚ ਸਰਕਾਰ ਦੀਆਂ ਨਾਕਾਮੀਆਂ ਛੁਪਾਉਣ ਲਈ ਜਾਣਬੁੱਝ ਕੇ ਅਜਿਹਾ ਕੀਤਾ ਹੈ।
ਵਿਧਾਨ ਸਭਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਰਕਾਰ ਪਹਿਲਾਂ ਵੀ ਮੁਕੰਮਲ ਕਰਜ਼ਾ ਮੁਆਫੀ ਦਾ ਐਲਾਨ ਕਰਕੇ, ਕੈਬਨਿਟ ਮੀਟਿੰਗ ਵਿੱਚ ਇਸ ਬਾਰੇ ਪ੍ਰਸਤਾਵ ਪਾਸ ਕਰਕੇ ਅਤੇ ਇੱਥੋਂ ਤੱਕ ਕਿ ਇਸ ਸਬੰਧੀ ਨੋਟੀਫਿਕੇਸ਼ਨ ਵੀ ਪਾਸ ਕਰਕੇ ਕਿਸਾਨਾਂ ਨੂੰ ਧੋਖਾ ਦੇ ਚੁੱਕੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਜ਼ਮੀਨੀ ਪੱਧਰ ਉੱਤੇ ਕੁਝ ਵੀ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਬੈਕਾਂ ਵੱਲੋਂ ਕਿਸਾਨਾਂ ਨੂੰ ਡਿਫਾਲਟਰ ਐਲਾਨਿਆ ਜਾ ਚੁੱਕਾ ਹੈ, ਕਿਸਾਨਾਂ ਨੂੰ ਮਜਬੂਰੀਵੱਸ ਆੜ੍ਹਤੀਆਂ ਕੋਲੋਂ ਕਰਜ਼ੇ ਚੁੱਕਣੇ ਪੈ ਰਹੇ ਹਨ ਕਿਉਂਕਿ ਬੈਂਕਾਂ ਨੇ ਕਿਸਾਨਾਂ ਨੂੰ ਕਰਜ਼ੇ ਦੇਣੇ ਬੰਦ ਕਰ ਦਿੱਤੇ ਹਨ। ਇਸ ਲਈ ਅਕਾਲੀ ਦਲ ਨੇ ਕੰਮ ਰੋਕੂ ਪ੍ਰਸਤਾਵ ਪੇਸ਼ ਕੀਤਾ ਸੀ, ਕਿਉਂਕਿ 300 ਦੇ ਕਰੀਬ ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਸਰਕਾਰ ਸਦਨ ਵਿੱਚ ਖੁਦਕੁਸ਼ੀ ਪੀੜਤ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਦੀ ਹੈ ਪਰ ਕਿਸਾਨ ਮੁੱਦਿਆਂ ’ਤੇ ਚਰਚਾ ਕਰਨ ਤੋਂ ਇਨਕਾਰ ਕਰ ਰਹੀ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜਿਸ ਢੰਗ ਨਾਲ ਅੱਜ ਸਦਨ ਦੀ ਕਾਰਵਾਈ ਚਲਾਈ ਗਈ ਹੈ, ਉਸ ਤੋਂ ਸਾਬਤ ਹੋ ਗਿਆ ਕਿ ਕਾਂਗਰਸ ਅਤੇ ‘ਆਪ’ ਆਪਸ ਵਿੱਚ ਰਲੀਆਂ ਹੋਈਆਂ ਹਨ। ‘ਆਪ’ ਚਾਹੁੰਦੀ ਹੈ ਕਿ ਕਾਂਗਰਸ ਸੁਖਪਾਲ ਖਹਿਰਾ ਨੂੰ ਨਿਸ਼ਾਨਾ ਨਾ ਬਣਾਏ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਵਿਧਾਇਕ ਦਲ ਪੰਜਾਬ ਦੇ ਕਿਸਾਨਾਂ ਨੂੰ ਉੱਤਰ ਪ੍ਰਦੇਸ਼ ਅਤੇ ਹਰਿਆਣਾ ਦੇ ਕਿਸਾਨਾਂ ਦੇ ਬਰਾਬਰ ਗੰਨੇ ਦੀ ਸਰਕਾਰੀ ਕੀਮਤ ਨਾ ਦੇ ਕੇ ਕੀਤੀ ਬੇਇਨਸਾਫੀ ਦਾ ਮੁੱਦਾ ਵੀ ਉਠਾਉਣਾ ਚਾਹੁੰਦਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦਾ ਹਿੱਸਾ ਬਣੇ ਖੰਡ ਦੇ ਵੱਡੇ ਕਾਰੋਬਾਰੀਆਂ ਨੂੰ ਹਜ਼ਾਰਾਂ ਕਰੋੜ ਰੁਪਏ ਦਿੱਤੇ ਜਾ ਰਹੇ ਹਨ, ਜੋ ਕਿ ‘ਹਿੱਤਾਂ ਦੇ ਟਕਰਾਅ’ ਦਾ ਵੀ ਮੁੱਦਾ ਹੈ। ‘ਆਪ’ ਨੂੰ ਲੋਕ ਵਿਰੋਧੀ ਕਰਾਰ ਦਿੰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਪਾਰਟੀ ਸਿਰਫ ਸੁਖਪਾਲ ਖਹਿਰਾ ਨੂੰ ਬਚਾਉਣਾ ਹੈ ਅਤੇ ਆਪਣੇ ਇਸ ਉਦੇਸ਼ ਨੁੰ ਪੂਰਾ ਕਰਨ ਲਈ ਇਹ ਪੰਜਾਬੀਆਂ ਦੇ ਸਾਰੇ ਮੁੱਦਿਆਂ ਨੂੰ ਤਿਆਗ ਚੁੱਕੀ ਹੈ।