ਜਲੰਧਰ, 20 ਸਤੰਬਰ
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗ ਕੀਤੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨੈਤਿਕ ਤੌਰ ’ਤੇ ਅਸਤੀਫਾ ਦੇ ਦੇਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਨੂੰ ਫਰੈਂਕਫਰਟ ਦੇ ਹਵਾਈ ਅੱਡੇ ’ਤੇ ਇਸ ਕਰਕੇ ਜਹਾਜ਼ ਵਿੱਚ ਨਹੀਂ ਚੜ੍ਹਨ ਦਿੱਤਾ ਗਿਆ ਕਿਉਂਕਿ ਉਹ ਹਵਾਈ ਸਫ਼ਰ ਕਰਨ ਦੀ ਹਾਲਤ ਵਿੱਚ ਨਹੀਂ ਸਨ। ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਬਾਜਵਾ ਨੇ ਦਾਅਵਾ ਕੀਤਾ ਕਿ ਫਰੈਂਕਫਰਟ ਤੋਂ ਆਈ ਰਿਪੋਰਟ ’ਚ ਇਹ ਖੁਲਾਸਾ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤਿਰਾਦਿੱਤਿਆ ਸਿੰਧੀਆ ਨੂੰ ਅਪੀਲ ਕਰਨਗੇ ਕਿ ਉਹ ਲੁਫਥਾਂਸਾ ਏਅਰਲਾਈਨ ਤੋਂ ਪੁੱਛ-ਪੜਤਾਲ ਕਰਨ ਤੇ ਸੱਚ ਬਾਹਰ ਲਿਆਉਣ। ਸ੍ਰੀ ਬਾਜਵਾ ਨੇ ਕਿਹਾ ਕਿ ਇਸ ਮੁੱਦੇ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਵੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਸ੍ਰੀ ਬਾਜਵਾ ਨੇ ਕਿਹਾ ਕਿ ਉਹ ਸ੍ਰੀ ਸਿੰਧੀਆ ਕੋਲੋਂ ਮੰਗ ਕਰਨਗੇ ਕਿ ਲੁਫਥਾਂਸਾ ਏਅਰਲਾਈਨ ਤੋਂ ਪ੍ਰਾਪਤ ਹੋਣ ਵਾਲੇ ਵੇਰਵੇ ਜਨਤਕ ਕੀਤੇ ਜਾਣ। ਬਾਜਵਾ ਨੇ ਦਾਅਵਾ ਵੀ ਕੀਤਾ ਕਿ ਉਨ੍ਹਾਂ ਨੂੰ ਇਸ ਘਟਨਾ ਦਾ ਚਸ਼ਮਦੀਦ ਗਵਾਹ ਵੀ ਮਿਲਿਆ ਹੈ, ਜਿਸ ਅਨੁਸਾਰ ਉਹ ਹਵਾਈ ਸਫ਼ਰ ਕਰਨ ਦੇ ਸਮਰੱਥ ਨਹੀਂ ਸਨ।