ਚੰਡੀਗੜ੍ਹ, 20 ਅਗਸਤ
ਕਾਂਗਰਸ ਨੇ ਅੱਜ ਅਬੋਹਰ ਤੋਂ ਪਾਰਟੀ ਦੇ ਵਿਧਾਇਕ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੇ ਭਤੀਜੇ ਸੰਦੀਪ ਜਾਖੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਹਵਾਲਾ ਦੇ ਕੇ ਪਾਰਟੀ ’ਚੋਂ ਮੁਅੱਤਲ ਕਰ ਦਿੱਤਾ ਹੈ। ਇਹ ਹੁਕਮ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਤੇ ਅਨੁਸ਼ਾਸਨੀ ਕਾਰਵਾਈ ਕਮੇਟੀ (ਡੀਏਸੀ) ਦੇ ਮੈਂਬਰ ਸਕੱਤਰ ਤਾਰਿਕ ਅਨਵਰ ਨੇ ਜਾਰੀ ਕੀਤੇ ਹਨ। ਅਨਵਰ ਨੇ ਸੰਦੀਪ ਜਾਖੜ ਦੇ ਨਾਂ ਪੱਤਰ ਜਾਰੀ ਕਰਦਿਆਂ ਕਿਹਾ ਕਿ ‘ਤੁਸੀਂ ਭਾਰਤ ਜੋੜੋ ਯਾਤਰਾ ਸਣੇ ਪਾਰਟੀ ਦੇ ਹੋਰਨਾਂ ਸਮਾਗਮਾਂ ਵਿੱਚ ਸ਼ਾਮਲ ਨਹੀਂ ਹੋ ਰਹੇ ਹੋ। ਇਸ ਤਰ੍ਹਾਂ ਪਾਰਟੀ ਦਾ ਅਨੁਸ਼ਾਸਨ ਭੰਗ ਹੋ ਰਿਹਾ ਹੈ।’ ਉਨ੍ਹਾਂ ਕਿਹਾ ਕਿ ਸੰਦੀਪ ਜਾਖੜ ਜਿਸ ਘਰ ਵਿੱਚ ਰਹਿੰਦੇ ਹਨ, ਉਹ ਇਕ ਸਾਂਝੀ ਰਿਹਾਇਸ਼ ਹੈ, ਜਿਸ ’ਤੇ ਭਾਜਪਾ ਦਾ ਝੰਡਾ ਝੂਲ ਰਿਹਾ ਹੈ। ਇਸ ਨਾਲ ਹੀ ਪਾਰਟੀ ਦੇ ਕੌਮੀ ਜਨਰਲ ਸਕੱਤਰ ਨੇ ਜਾਖੜ ’ਤੇ ਪਾਰਟੀ ਵਿਰੁੱਧ ਖੁੱਲ੍ਹੀ ਬਗਾਵਤ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਸੰਦੀਪ ਜਾਖੜ ਪਾਰਟੀ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਖਿਲਾਫ਼ ਬੋਲ ਰਹੇ ਹਨ। ਇਸ ਦੇ ਨਾਲ ਹੀ ਉਹ ਆਪਣੇ ਚਾਚਾ ਤੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦਾ ਬਚਾਅ ਕਰਨ ਵਿੱਚ ਲੱਗੇ ਪਏ ਹਨ। ਡੀਏਸੀ ਦੇ ਮੈਂਬਰ ਸਕੱਤਰ ਨੇ ਕਿਹਾ ਕਿ ਇਨ੍ਹਾਂ ਮਸਲਿਆਂ ਨੂੰ ਧਿਆਨ ਨਾਲ ਵਿਚਾਰਨ ਤੋਂ ਬਾਅਦ ਪਾਰਟੀ ਦੀ ਅਨੁਸ਼ਾਸਨੀ ਕਾਰਵਾਈ ਕਮੇਟੀ ਵੱਲੋਂ ਉਨ੍ਹਾਂ ਨੂੰ ਪਾਰਟੀ ਤੋਂ ਮੁਅੱਤਲ ਕਰਨ ਦਾ ਫੈਸਲਾ ਕੀਤਾ ਗਿਆ ਹੈ। ਗੌਰਤਲਬ ਹੈ ਕਿ ਅਬੋਹਰ ਤੋਂ ਵਿਧਾਇਕ ਸੰਦੀਪ ਜਾਖੜ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਚਕਾਰ ਪਿਛਲੇ ਇਕ ਸਾਲ ਤੋਂ ਸ਼ਬਦੀ ਜੰਗ ਚੱਲ ਰਹੀ ਸੀ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਪਾਰਟੀ ਹਾਈ ਕਮਾਂਡ ਕੋਲ ਸੰਦੀਪ ਜਾਖੜ ਵਿਰੁੱਧ ਸ਼ਿਕਾਇਤ ਵੀ ਕੀਤੀ ਸੀ।