ਪਾਰਟੀ ਵਰਕਰਾਂ ਨੂੰ ਝੂਠੇ ਕੇਸਾਂ ਵਿਰੁੱਧ ਲੜਣ ਲਈ ਬਣਾਈ ਅਕਾਲੀ ਦਲ ਦੀ ਕਮੇਟੀ ਤਕ ਪਹੁੰਚ ਕਰਨ ਦੀ ਅਪੀਲ ਕੀਤੀ

ਦਾਦੂਵਾਲ ਅਤੇ ਮੰਡ ਦੀ ਚੁੱਪ ਉੱਤੇ ਸੁਆਲ ਉਠਾਇਆ

ਮੋਗਾ/12 ਜੁਲਾਈ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਆਟਾ-ਦਾਲ ਸਕੀਮ ਬੰਦ ਕਰਨ ਦੀ ਕੋਸ਼ਿਸ਼ ਕਰਕੇ ਅਤੇ ਬਿਜਲੀ ਮਹਿੰਗੀ ਕਰਕੇ ਆਮ ਲੋਕਾਂ ਉੱਤੇ ਅੱਤਿਆਚਾਰ ਢਾਹ ਰਹੀ ਹੈ। ਉਹਨਾਂ ਇਹ ਵੀ ਕਿਹਾ ਕਿ ਕਾਂਗਰਸ ਨੇ ਸ੍ਰੀ ਦਰਬਾਰ ਸਾਹਿਬ ਉੱਤੇ ਤੋਪਾਂ ਅਤੇ ਟੈਂਕਾਂ ਨਾਲ ਹਮਲਾ ਕਰਕੇ ਸਭ ਤੋਂ ਵੱਡੀ ਬੇਅਦਬੀ ਕੀਤੀ ਸੀ।

ਇੱਥੇ ਜਥੇਦਾਰ ਤੋਤਾ ਸਿੰਘ ਵੱਲੋਂ ਆਯੋਜਿਤ ਕੀਤੇ ਇੱਕ ਵੱਡੇ ਧਰਨੇ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਵੱਡੀ ਪੱਧਰ ਉੱਤੇ ਅਜਿਹੀਆਂ ਰਿਪੋਰਟਾਂ ਆ ਰਹੀਆਂ ਹਨ ਕਿ ਅਕਾਲੀ ਦਲ ਦੇ ਸਮਰਥਕਾਂ ਦੇ ਆਟਾ-ਦਾਲ ਸਕੀਮ ਲਈ ਲੋੜੀਂਦੇ ਨੀਲੇ ਕਾਰਡ ਨਹੀਂ ਬਣਾਏ ਜਾ ਰਹੇ ਹਨ ਅਤੇ ਇਹ ਕਾਂਗਰਸ ਦੀ ਆਟਾ ਦਾਲ ਸਕੀਮ ਨੂੰ ਬੰਦ ਕਰਨ ਦੀ ਇੱਕ ਸਾਜ਼ਿਸ਼ ਹੈ। ਉਹਨਾਂ ਨੇ ਲੋਕਾਂ ਨੂੰ ਇਸ ਮਾਮਲੇ ਦੀ ਵਿਸਥਾਰ ਵਿਚ ਜਾਣਕਾਰੀ ਦੇਣ ਲਈ ਕਿਹਾ ਅਤੇ ਭਰੋਸਾ ਦਿਵਾਇਆ ਕਿ ਆਟਾ-ਦਾਲ ਸਕੀਮ ਨੂੰ ਲਾਗੂ ਕਰਨ ਵਿਚ ਕੀਤੀਆਂ ਜਾ ਰਹੀਆਂ ਸਾਰੀਆਂ ਬੇਈਮਾਨੀਆਂ ਕੇਂਦਰ ਸਰਕਾਰ ਦੇ ਧਿਆਨ ਵਿਚ ਲਿਆਂਦੀਆਂ ਜਾਣਗੀਆਂ ਅਤੇ ਦੋਸ਼ੀਆਂ ਖ਼ਿਲਾਫ ਕਾਰਵਾਈ ਕਰਵਾਈ ਜਾਵੇਗੀ।ਉਹਨਾਂ ਕਿਹਾ ਕਿ ਪਾਰਟੀ ਵੱਲੋਂ ਸੂਬੇ ਅੰਦਰ ਲੁੱਟ ਮਚਾ ਰਹੇ ਮਨਰੇਗਾ ਮਾਫੀਆ ਵਿਰੁੱਧ ਲੜਾਈ ਵਿੱਢੀ ਜਾਵੇਗੀ, ਜਿਹੜਾ ਕਿ ਕੇਂਦਰੀ ਫੰਡਾਂ ਨੂੰ ਚੂਨਾ ਲਗਾ ਰਿਹਾ ਹੈ। ਉਹਨਾਂ ਕਿਹਾ ਕਿ ਇੱਕ ਕੇਂਦਰੀ ਟੀਮ ਦੁਆਰਾ ਫਰੀਦਕੋਟ ਵਿਚ ਮਾਰੇ ਛਾਪੇ ਦੌਰਾਨ ਖੁਲਾਸਾ ਹੋਇਆ ਸੀ ਕਿ ਪੰਜਾਬ ਵਿਚ ਮਨਰੇਗਾ ਮਾਫੀਆ ਕਾਂਗਰਸੀ ਆਗੂਆਂ ਦੁਆਰਾ ਭ੍ਰਿਸ਼ਟ ਅਧਿਕਾਰੀਆਂ ਨਾਲ ਮਿਲੀਭੁਗਤ ਕਰਕੇ ਚਲਾਇਆ ਜਾ ਰਿਹਾ ਹੈ। 

ਬਿਜਲੀ ਦੇ ਮੁੱਦੇ ਉੱਤੇ ਬੋਲਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਪਿਛਲੇ ਢਾਈ ਸਾਲਾਂ ਦੌਰਾਨ ਬਿਜਲੀ ਦੀਆਂ ਦਰਾਂ ਵਿਚ 25 ਤੋਂ 30 ਫੀਸਦੀ ਵਾਧਾ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵਾਰ ਵਾਰ ਲੱਗ ਰਹੇ ਬਿਜਲੀ ਦੇ ਕੱਟਾਂ ਕਰਕੇ ਕਿਸਾਨਾਂ ਅਤੇ ਸ਼ਹਿਰਾਂ ‘ਚ ਰਹਿੰਦੇ ਲੋਕਾਂ ਨੂੰ ਤਕਲੀਫਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਅਸੀਂ ਬਿਜਲੀ ਦਰਾਂ ਵਿਚ ਕੀਤੇ ਅਣਮਨੁੱਖੀ ਵਾਧੇ ਦੀ ਨਜ਼ਰਸਾਨੀ ਕਰਨ ਅਤੇ ਇਸ ਨੂੰ ਤੁਰੰਤ ਘਟਾਏ ਜਾਣ ਦੀ ਮੰਗ ਕਰਦੇ ਹਾਂ। ਉਹਨਾਂ ਕਿਹਾ ਕਿ ਅਸੀਂ ਇਹ ਵੀ ਮੰਗ ਕਰਦੇ ਹਾਂ ਕਿ ਬਾਕੀ ਰਹਿੰਦੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਦਿੱਤੀ ਜਾਵੇ।

ਅਕਾਲੀ ਦਲ ਪ੍ਰਧਾਨ ਨੇ ਅਕਾਲੀ ਵਰਕਰਾਂ ਖ਼ਿਲਾਫ ਕੀਤੀ ਜਾ ਰਹੀ ਸਿਆਸੀ ਬਦਲੇਖੋਰੀ ਦਾ ਮੁੱਦਾ ਵੀ ਉਠਾਇਆ ਅਤੇ ਉਹਨਾਂ ਨੂੰ ਦੱਸਿਆ ਕਿ ਪਾਰਟੀ ਨੇ ਸਾਂਸਦ ਸਰਦਾਰ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿਚ ਇਕ ਕਮੇਟੀ ਬਣਾਈ ਹੈ, ਜਿਹੜੀ ਅਕਾਲੀ ਵਰਕਰਾਂ ਖ਼ਿਲਾਫ ਦਰਜ ਕੀਤੇ ਗਏ ਸਾਰੇ ਝੂਠੇ ਮੁਕੱਦਮੇ ਲੜੇਗੀ। ਉਹਨਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਕਾਂਗਰਸੀ ਵਰਕਰਾਂ ਵੱਲੋਂ ਕੀਤੀ ਜਾਂਦੀ ਸਿਆਸੀ ਬਦਲਖੋਰੀ ਵਿਚ ਧਿਰ ਨਹੀਂ ਬਣਨਾ ਚਾਹੀਦਾ, ਨਹੀਂ ਤਾਂ ਉਹਨਾਂ ਨੂੰ ਕਾਨੂੰਨ ਅਨੁਸਾਰ ਇਸ ਦਾ ਨਤੀਜਾ ਭੁਗਤਣਾ ਪਵੇਗਾ।

ਕਾਂਗਰਸੀ ਕਾਰਜਕਾਲ ਦੌਰਾਨ ਕੀਤੀਆਂ ਜਾ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਬਾਰੇ ਬੋਲਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਕੋਈ ਵੀ ਸਿੱਖ ਅਜਿਹਾ ਘਟੀਆ ਕੰਮ ਨਹੀਂ ਕਰ ਸਕਦਾ। ਉਹਨਾਂ ਅਰਦਾਸ ਕੀਤੀ ਕਿ ਅਜਿਹਾ ਘਿਨੌਣਾ ਕਾਰਾ ਕਰਨ ਵਾਲਿਆਂ ਦਾ ਕੱਖ ਨਾ ਰਹੇ। ਉਹਨਾਂ ਅਖੌਤੀ ਆਗੂਆਂ ਬਲਜੀਤ ਸਿੰਘ ਦਾਦੂਵਾਲ ਅਤੇ ਧਿਆਨ ਸਿੰਘ ਮੰਡ ਵੱਲੋਂ ਕਾਂਗਰਸ ਦਾ ਪਰਦਾਫਾਸ਼ ਕਰਨ ਵਾਲੇ ਮੁੱਦਿਆਂ ਉਤੇ ਧਾਰੀ ਸਾਜ਼ਿਸ਼ੀ ਚੁੱਪ ਉੱਪਰ ਸੁਆਲ ਉਠਾਇਆ। ਉਹਨਾਂ ਕਿਹਾ ਕਿ ਜਦੋਂ ਕਾਂਗਰਸ ਸਰਕਾਰ ਨੇ ਇਤਿਹਾਸ ਦੀਆਂ ਕਿਤਾਬਾਂ ਵਿਚੋਂ ਗੁਰੂ ਸਾਹਿਬਾਨ ਅਤੇ ਸਿੱਖਾਂ ਦਾ ਇਤਿਹਾਸ ਮਨਫੀ ਕਰਨ ਦੀ ਕੋਸ਼ਿਸ਼ ਕੀਤੀ ਸੀ ਤਾਂ ਇਹ ਆਗੂ ਚੁੱਪ ਰਹੇ ਸਨ। ਇਸ ਤੋਂ ਇਲਾਵਾ ਬੇਅਦਬੀ ਦੇ ਤਾਜ਼ਾ ਕੇਸਾਂ ਉੱਤੇ ਇਹਨਾਂ ਦੀ ਚੁੱਪੀ ਇਹੀ ਇਸ਼ਾਰਾ ਕਰਦੀ ਹੈ ਕਿ ਉਹ ਮੁੱਖ ਮੰਤਰੀ ਦੋਵੇਂ ਕੈਪਟਨ ਅਮਰਿੰਦਰ ਸਿੰਘ ਦੀ ਕਠਪੁਤਲੀ ਹਨ ਅਤੇ ਉਸ ਦੇ ਆਦੇਸ਼ ਉੱਤੇ ਹੀ ਮੂੰਹ ਖੋਲ੍ਹਦੇ ਹਨ।

ਪੰਜਾਬ ਵਿਚ ਨਸ਼ਿਆਂ ਦੀ ਓਵਰਡੋਜ਼ ਨਾਲ ਹੋ ਰਹੀਆਂ ਮੌਤਾਂ ਬਾਰੇ ਬੋਲਦਿਆਂ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ  ਕਾਂਗਰਸ ਦੇ ਕਾਰਜਕਾਲ ਦੌਰਾਨ 218 ਨੌਜਵਾਨ ਨਸ਼ੇ ਦੀ ਓਵਰਡੋਜ਼ ਨਾਲ ਮਰ ਚੁੱਕੇ ਹਨ ਅਤੇ ਕਾਂਗਰਸ ਸਰਕਾਰ ਵੱਲੋਂ 90 ਹਜ਼ਾਰ ਕਰੋੜ ਰੁਪਏ ਦੀ ਕਰਜ਼ਾ ਮੁਆਫੀ ਦੇ ਵਾਅਦੇ ਤੋਂ ਮੁੱਕਰਨ ਮਗਰੋਂ 2270 ਕਿਸਾਨ ਖੁਦਕੁਸ਼ੀ ਕਰ ਚੁੱਕੇ ਹਨ।

ਸੀਨੀਅਰ ਆਗੂ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਦਸ਼ਮੇਸ਼ ਪਿਤਾ ਦੇ ਨਾਂ ਉੱਤੇ ਖਾਧੀ ਸਹੁੰ ਨੂੰ ਪੂਰਾ ਕਰਨਾ ਤਾਂ ਦੂਰ ਦੀ ਗੱਲ ਹੈ,  ਮੁੱਖ ਮੰਤਰੀ ਦੀ ਨਿਗਰਾਨੀ ਹੇਠ ਨਸ਼ਿਆਂ ਦੀ ਤਸਕਰੀ ‘ਚ ਭਾਰੀ ਵਾਧਾ ਹੋਇਆ ਹੈ ਅਤੇ ਹੁਣ ਤਾਂ ਘਰਾਂ ਤਕ ਨਸ਼ਿਆਂ ਦੀ ਸਪਲਾਈ ਹੋ ਰਹੀ ਹੈ। ਸਾਬਕਾ ਸਾਂਸਦ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਬਿਜਲੀ ਮੰਤਰੀ ਨਵਜੋਤ ਸਿੰਘ ਸੂਬੇ ‘ਚੋਂ ਲਾਪਤਾ ਹੋ ਗਿਆ ਹੈ ਅਤੇ ਲੋਕਾਂ ਨੂੰ ਤਿੱਖੀ ਗਰਮੀ ਵਿਚ ਬਿਨਾਂ ਬਿਜਲੀ ਤੋਂ ਰਹਿਣਾ ਪੈ ਰਿਹਾ ਹੈ। ਸਾਬਕਾ ਮੰਤਰੀ  ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਕਾਂਗਰਸ ਸਰਕਾਰ ਦਲਿਤ ਵਿਦਿਆਰਥੀਆਂ ਨੂੰ ਵਜ਼ੀਫੇ ਜਾਰੀ ਨਹੀਂ ਕਰ ਰਹੀ ਹੈ, ਜਿਸ ਕਰਕੇ ਦਲਿਤ ਵਿਦਿਆਰਥੀਆਂ ਨੂੰ ਤਕਲੀਫਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।  ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਨੇ ਕਿਹਾ ਕਿ ਕਾਂਗਰਸ ਸੂਬੇ ਨੂੰ ਪਿਛਾਂਹ ਵੱਲ ਲਿਜਾ ਰਹੀ ਹੈ।

ਇਸ ਮੌਕੇ ਤੀਰਥ ਸਿੰਘ ਮੱਲ੍ਹਾ ਅਤੇ ਬਰਜਿੰਦਰ ਸਿੰਘ ਮੱਖਣ ਬਰਾੜ ਵੀ ਮੌਜੂਦ ਸਨ।