ਲੰਬੀ, 21 ਦਸੰਬਰ
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸੀਨੀਅਰ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ’ਤੇ ਨਸ਼ਿਆਂ ਦੇ ਮਾਮਲੇ ’ਚ ਦਰਜ ਕੀਤੇ ਕੇਸ ਦਾ ਸਖ਼ਤ ਵਿਰੋਧ ਜਤਾਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਬਦਲਾਖ਼ੋਰੀ ਦੀ ਰਾਹ ’ਤੇ ਚੱਲ ਰਹੀ ਹੈ। ਸ੍ਰੀ ਬਾਦਲ ਨੇ ਕਿਹਾ ਕਿ ਇਹ ਕੋਈ ਪਹਿਲੀ ਮਿਸਾਲ ਨਹੀਂ, ਉਨਾਂ ’ਤੇ ਵੀ ਸੈਂਕੜੇ ਮੁਕੱਦਮੇ ਦਰਜ ਕੀਤੇ ਜਾ ਚੁੱਕੇ ਹਨ। ਅਕਾਲੀ ਦਲ ਦੇ ਇਸ ਮਾਮਲੇ ’ਚ ਆਗਾਮੀ ਕਦਮ ਬਾਰੇ ਪੁੱਛਣ ’ਤੇ ਸ੍ਰੀ ਬਾਦਲ ਨੇ ਕਿਹਾ ਕਿ ਇਸ ਮਾਮਲੇ ’ਚ ਹਰ ਸੰਭਵ ਲੜਾਈ ਲੜੀ ਜਾਵੇਗੀ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਤੋਂ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਲੰਬੀ ਹਲਕੇ ਵਿੱਚ ਜਨਸੰਪਰਕ ਮੁਹਿੰਮ ’ਤੇ ਹਨ।