ਲੁਧਿਆਣਾ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਮਾਨਹਾਨੀ ਕੇਸ ਵਿੱਚ ਅੱਜ ਆਮ ਆਦਮੀ ਪਾਰਟੀ (ਆਪ) ਦੇ ਆਗੂ ਸੰਜੈ ਸਿੰਘ ਲੁਧਿਆਣਾ ਅਦਾਲਤ ਵਿੱਚ ਪੇਸ਼ ਹੋਏ। ਪੇਸ਼ੀ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ‘ਆਪ’ ਆਗੂ ਨੇ ਕਿਹਾ ਕਿ ਕਾਂਗਰਸ ਹਰ ਫਰੰਟ ’ਤੇ ਫੇਲ੍ਹ ਸਾਬਿਤ ਹੋਈ ਹੈ। ਸੂਬੇ ਦੀ ਕਾਨੂੰਨ ਵਿਵਸਥਾ ਬਦਤਰ ਹੋ ਗਈ ਹੈ।
‘ਆਪ’ ਆਗੂ ਸੰਜੈ ਸਿੰਘ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੋਸ਼ ਲਾਇਆ ਕਿ ਕੈਪਟਨ ਸਰਕਾਰ ਨਾ ਤਾਂ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰ ਸਕੀ ਅਤੇ ਨਾ ਹੀ ਨੌਜਵਾਨਾਂ ਨੂੰ ਰੁਜ਼ਗਾਰ ਦੇ ਸਕੀ ਹੈ। ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਹਾਲਤ ਬਦਤਰ ਹੁੰਦੀ ਜਾ ਰਹੀ ਹੈ, ਪਾਦਰੀ ਕਤਲ ਕਾਂਡ ਇਸ ਦੀ ਉਦਾਹਰਣ ਹੈ। ਉਨ੍ਹਾਂ ਕਿਹਾ ਕਿ ਅਮਰਿੰਦਰ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸਿਰਫ਼ ਇਨਾਮਾਂ ਦੀ ਬਜਾਏ ਅਸਲ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਸੂਬੇ ਵਿੱਚ ਕਾਨੂੰਨ ਵਿਵਸਥਾ ਬਹਾਲ ਕਰੇ। ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕੀਤੀ ਕਾਰਵਾਈ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਸ੍ਰੀ ਸਿੱਧੂ ਆਪਣੇ ਮੰਤਰੀ ਵੱਲੋਂ ਕੀਤੇ ਭ੍ਰਿਸ਼ਟਾਚਾਰ ਬਾਰੇ ਕਿਉਂ ਨਹੀਂ ਬੋਲ ਰਹੇ? ਪਹਿਲਾਂ ਹੋਏ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਾਰਵਾਈ ਕਰਨਾ ਚੰਗੀ ਗੱਲ ਹੈ, ਪਰ ਸਿਰਫ਼ ਬਿਆਨ ਦੇਣ ਦੀ ਬਜਾਇ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਉਹ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠਿਆ ਬਾਰੇ ਦਿੱਤੇ ਬਿਆਨ ’ਤੇ ਅੱਜ ਵੀ ਕਾਇਮ ਹਨ। ਇਸ ਮੌਕੇ ‘ਆਪ’ ਵਿਧਾਇਕ ਸਰਬਜੀਤ ਕੌਰ ਮਾਣੂੰਕੇ, ਹਰਜੋਤ ਬੈਂਸ, ਦਲਜੀਤ ਸਿੰਘ ਤੇ ਬਲਦੇਵ ਸਿੰਘ ਵੀ ਹਾਜ਼ਰ ਸਨ।













