ਇਸਲਾਮਾਬਾਦ, 27 ਜੁਲਾਈ
ਪਾਕਿਸਤਾਨ ਦੇ ਵਿੱਤ ਮੰਤਰੀ ਇਸਹਾਕ ਡਾਰ ਨੇ ਅੱਜ ਉਨ੍ਹਾਂ ਖ਼ਬਰਾਂ ਦਾ ਖੰਡਨ ਕੀਤਾ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਕਾਰਜਕਾਰੀ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਦੌੜ ਵਿੱਚ ਉਹ ਸਭ ਤੋਂ ਅੱਗੇ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਗੱਲ ਕਰਨਾ ਅਜੇ ‘ਜਲਦਬਾਜ਼ੀ’ ਹੋਵੇਗੀ ਕਿਉਂਕਿ ਹਾਲੇ ਤਾਂ ਸਲਾਹ-ਮਸ਼ਵਰਾ ਵੀ ਸ਼ੁਰੂ ਨਹੀਂ ਹੋਇਆ ਹੈ। ਇੱਕ ਨਿੱਜੀ ਟੈਲੀਵਿਜ਼ਨ ਚੈਨਲ ਨੂੰ ਦਿੱਤੀ ਇੰਟਰਵਿਊ ਵਿੱਚ ਡਾਰ ਨੇ ਕਿਹਾ ਕਿ ਸੱਤਾਧਾਰੀ ਗੱਠਜੋੜ ਪਾਕਿਸਤਾਨ ਡੈਮੋਕ੍ਰੈਟਿਕ ਮੂਵਮੈਂਟ (ਪੀਡੀਐੱਮ) ਇਸ ਬਾਰੇ ਫ਼ੈਸਲਾ ਲਵੇਗਾ। ਪਾਕਿਸਤਾਨੀ ਮੀਡੀਆ ’ਚ ਆਈਆਂ ਖ਼ਬਰਾਂ ਅਨੁਸਾਰ ਸੱਤਾਧਾਰੀ ਪਾਕਿਸਤਾਨ ਮੁਸਲਿਮ ਲੀਗ ਨਵਾਜ਼ (ਪੀਐੱਮਐੱਲ-ਐੱਨ) ਪਾਰਟੀ ਡਾਰ ਦੇ ਨਾਂ ਨੂੰ ਕਾਰਜਕਾਰੀ ਪ੍ਰਧਾਨ ਮੰਤਰੀ ਵਜੋਂ ਪੇਸ਼ ਕਰਨ ’ਤੇ ਵਿਚਾਰ ਕਰ ਰਹੀ ਹੈ। ਮੌਜੂਦਾ ਨੈਸ਼ਨਲ ਅਸੈਂਬਲੀ ਦਾ ਕਾਰਜਕਾਲ ਅਗਲੇ ਮਹੀਨੇ ਖ਼ਤਮ ਹੋਣ ਵਾਲਾ ਹੈ।

‘ਐਕਸਪ੍ਰੈੱਸ ਟ੍ਰਬਿਿਊੂਨ’ ਅਨੁਸਾਰ ਡਾਰ ਦਾ ਨਾਂ ਉਦੋਂ ਚਰਚਾ ਵਿੱਚ ਆਇਆ, ਜਦੋਂ ਪ੍ਰਧਾਨ ਮੰਤਰੀ ਸ਼ਹਬਿਾਜ਼ ਸ਼ਰੀਫ਼ ਦੀ ਅਗਵਾਈ ਵਾਲੀ ਸਰਕਾਰ ਨੇ ਚੋਣ ਕਾਨੂੰਨ 2017 ਵਿੱਚ ਸੋਧ ਕਰਨ ’ਤੇ ਵਿਚਾਰ ਚਰਚਾ ਕੀਤੀ। ਜੀਓ ਨਿਊਜ਼ ਅਨੁਸਾਰ ਡਾਰ ਨੇ ਕਿਹਾ ਕਿ ਉਹ ਨਿਯੁਕਤੀ ’ਤੇ ਲੀਡਰਸ਼ਿਪ ਦੇ ਫ਼ੈਸਲੇ ਨੂੰ ਸਵੀਕਾਰ ਕਰਨਗੇ ਪਰ ਨਾਲ ਹੀ ਉਨ੍ਹਾਂ ਕਿਹਾ ਕਿ ਕਾਰਜਕਾਰੀ ਵਿਵਸਥਾ ਦੀਆਂ ਸ਼ਕਤੀਆਂ ਨੂੰ ਵਧਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੰਤਰਿਮ ਸਰਕਾਰ ਦਾ ਕਾਰਜਕਾਲ 90 ਦਿਨ ਦਾ ਹੋਣਾ ਚਾਹੀਦਾ ਹੈ, ਨਾ ਕਿ 60 ਦਿਨ ਦਾ। ਸੂਤਰਾਂ ਨੇ ਸੰਭਾਵਨਾ ਜਤਾਈ ਕਿ ਪੀਡੀਐੱਮ ਸਰਕਾਰ ਕਾਰਜਕਾਲ ਖ਼ਤਮ ਹੋਣ ਤੋਂ ਪਹਿਲਾਂ ਹੀ ਵਿਧਾਨ ਸਭਾਵਾਂ ਨੂੰ ਭੰਗ ਕਰ ਸਕਦੀ ਹੈ ਤਾਂ ਕਿ ਕਾਰਜਕਾਰੀ ਵਿਵਸਥਾ ਨੂੰ 80 ਦਿਨ ਦਾ ਸਮਾਂ ਮਿਲ ਸਕੇ। ਉਨ੍ਹਾਂ ਕਿਹਾ ਕਿ ਪਾਕਿਸਤਾਨ ਚੋਣ ਕਮਿਸ਼ਨ (ਈਸੀਪੀ) ਨਿਰਪੱਖ ਚੋਣਾਂ ਕਰਵਾਉਣ ਲਈ ਜ਼ਿੰਮੇਵਾਰ ਹੈ। ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਨੇ ਕਥਿਤ ਤੌਰ ’ਤੇ ਡਾਰ ਦਾ ਸਮਰਥਨ ਕਰਨ ਤੋਂ ਅਸਮਰੱਥਾ ਜ਼ਾਹਿਰ ਕੀਤੀ ਹੈ।