ਕਿਊਬੈਕ ਸਿਟੀ (ਕੈਨੇਡਾ),  ਕੈਨੇਡਾ ਦੇ ਕਿਊਬੈਕ ਸਿਟੀ ਦੀ ਪੁਲੀਸ ਨੇ ਸੂਬਾਈ ਵਿਧਾਨ ਸਭਾ ਨੇੜੇ ਹੈਲੋਵਿਨ ਦਿਵਸ ਮੌਕੇ ਚਾਕੂ ਮਾਰ ਕੇ ਦੋ ਵਿਅਕਤੀਆਂ ਦੀ ਹੱਤਿਆ ਕਰਨ ਤੇ ਪੰਜ ਨੂੰ ਜ਼ਖ਼ਮੀ ਕਰਨ ਦੇ ਸ਼ੱਕ ਹੇਠ ਇੱਕ ਵਿਅਕਤੀ ਨੂੰ ਅੱਜ ਸਵੇਰੇ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਪਹਿਲਾਂ ਸੂਬਾਈ ਪੁਲੀਸ ਨੇ ਕਿਹਾ ਸੀ ਕਿ ਉਹ ਮੱਧਕਾਲੀ ਪਹਿਰਾਵਾ ਪਾਈ ਉਸ ਵਿਅਕਤੀ ਦੀ ਭਾਲ ਕਰ ਰਹੀ ਹੈ ਜਿਸ ਨੇ ਤੇਜ਼ਧਾਰ ਹਥਿਆਰ ਨਾਲ ਕਈ ਲੋਕਾਂ ’ਤੇ ਹਮਲਾ ਕੀਤਾ ਹੈ। ਪੁਲੀਸ ਨੇ ਕਿਹਾ ਕਿ ਸ਼ੱਕੀ ਵਿਅਕਤੀ ਦੀ ਉਮਰ 25 ਸਾਲ ਦੇ ਕਰੀਬ ਹੈ। ਪੁਲੀਸ ਨੇ ਦੋ ਵਿਅਕਤੀਆਂ ਦੇ ਮਾਰੇ ਜਾਣ ਤੇ ਪੰਜ ਦੇ ਜ਼ਖ਼ਮੀ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲੀਸ ਨੇ ਅਜੇ ਇਹ ਜਾਣਕਾਰੀ ਨਹੀਂ ਦਿੱਤੀ ਹੈ ਕਿ ਹਮਲੇ ਪਿੱਛੇ ਅਸਲ ਕਾਰਨ ਕੀ ਹਨ। ਉਨ੍ਹਾਂ ਦੱਸਿਆ ਕਿ ਪੰਜਾਂ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ ਪਰ ਉਨ੍ਹਾਂ ਦੀ ਹਾਲਤ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਪੁਲੀਸ ਨੇ ਇਸ ਇਲਾਕੇ ਦੇ ਲੋਕਾਂ ਨੂੰ ਘਰਾਂ ਅੰਦਰ ਹੀ ਰਹਿਣ ਦੀ ਅਪੀਲ ਕੀਤੀ ਹੈ।