ਨਵੀਂ ਦਿੱਲੀ, 7 ਦਸੰਬਰ

ਕਿਸਾਨਾਂ ਨੇ ਕਿਹਾ ਹੈ ਕਿ ਉਹ ਆਪਣਾ ਅੰਦੋਲਨ ਵਾਪਸ ਤਾਂ ਹੀ ਲੈਣਗੇ ਜਦੋਂ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਕੇਸ ਵਾਪਸ ਲਏ ਜਾਣਗੇ। ਇਸੇ ਦੌਰਾਨ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਉਹ ਸਰਕਾਰ ਦੀ ਇਹ ਸ਼ਰਤ ਮੰਨਨ ਲਈ ਤਿਆਰ ਨਹੀਂ ਹਨ ਕਿ ਕਿਸਾਨ ਅੰਦੋਲਨ ਵਾਪਸ ਲੈਣ ’ਤੇ ਹੀ ਕਿਸਾਨਾਂ ਖ਼ਿਲਾਫ਼ ਦਰਜ ਕੇਸ ਵਾਪਸ ਲਏ ਜਾਣਗੇ। ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਦੀ ਨੀਅਤ ’ਤੇ ਸ਼ੱਕ ਵੀ ਜਤਾਇਆ ਹੈ। ਉਨ੍ਹਾਂ ਕਿਹਾ ਕਿ ਜ਼ਰੂਰੀ ਨਹੀਂ ਹੈ ਕਿ ਅੰਦੋਲਨ ਵਾਪਸ ਲੈ ਲਿਆ ਜਾਵੇਗਾ। ਇਸ ਸਬੰਧ ਵਿੱਚ ਮੀਟਿੰਗ ਬੁੱਧਵਾਰ ਨੂੰ ਹੋਵੇਗੀ। ਇਸੇ ਦੌਰਾਨ ਪੀਟੀਆਈ ਅਨੁਸਾਰ ਕਿਸਾਨ ਆਗੂਆਂ ਵਿੱਚ ਸੰਘਰਸ਼ ਦੀ ਅਗਲੀ ਰੂਪਰੇਖਾ ਉਲੀਕਣ ਲਈ ਸਰਬਸੰਮਤੀ ਹੋ ਗਈ ਹੈ ਤੇ ਇਸ ਸਬੰਧ ਵਿੱਚ ਐਲਾਨ ਬੁੱਧਵਾਰ ਨੂੰ ਹੋਵੇਗਾ। ਇਹ ਜਾਣਕਾਰੀ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਕੁਲਵੰਤ ਸਿੰਘ ਸੰਧੂ ਨੇ ਅੱਜ ਕਿਸਾਨਾਂ ਦੀ ਮੀਟਿੰਗ ਮਗਰੋਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਵਧੇਰੇ ਮੰਗਾਂ ਮੰਨੀਆਂ ਜਾ ਚੁੱਕੀਆਂ ਹਨ ਤੇ ਇਸ ਸਬੰਧ ਵਿੱਚ ਸਰਕਾਰ ਵੱਲੋਂ ਪੱਤਰ ਪ੍ਰਾਪਤ ਹੋ ਗਿਆ ਹੈ। ਇਸੇ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਇਕ ਹੋਰ ਆਗੂ ਨੇ ਕਿਹਾ ਕਿ ਬੁੱਧਵਾਰ ਨੂੰ ਕਿਸਾਨਾਂ ਨੂੰ ਅੰਦੋਲਨ ਸਮਾਪਤ ਹੋ ਸਕਦਾ ਹੈ ਕਿਉਂਕਿ ਕਿਸਾਨੀ ਮੰਗਾਂ ਬਾਰੇ ਸਰਕਾਰ ਵੱਲੋਂ ਹਾਂ-ਪੱਖੀ ਹੁੰਗਾਰਾ ਮਿਲ ਰਿਹਾ ਹੈ। ਫੇਰ ਵੀ ਅੰਤਿਮ ਫੈਸਲਾ ਬੁੁੱਧਵਾਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਲਿਆ ਜਾਵੇਗਾ। ਇਸੇ ਦੌਰਾਨ ਗੁਰਨਾਮ ਸਿੰਘ ਚੜੂਨੀ ਨੇ ਇਸ ਗੱਲ ਦਾ ਖ਼ੰਡਨ ਕੀਤਾ ਹੈ ਕਿ ਬੁੱਧਵਾਰ ਨੂੰ ਕਿਸਾਨੀ ਅੰਦੋਲਨ ਖਤਮ ਹੋ ਸਕਦਾ ਹੈ।