ਸੋਨੀਪਤ, 16 ਦਸੰਬਰ
ਕਿਸਾਨਾਂ ਦੇ ਸਾਂਝੇ ਫੋਰਮ ਨੇ ਬੁੱਧਵਾਰ ਸਵੇਰੇ ਕੇਂਦਰ ਸਰਕਾਰ ਨੂੰ ਲਿਖਤੀ ਜਵਾਬ ਭੇਜ ਕੇ ਖੇਤੀ ਕਾਨੂੰਨਾਂ ਵਿੱਚ ਸੋਧ ਕਰਨ ਦੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ।
ਕਿਸਾਨ ਨੇਤਾਵਾਂ ਨੇ ਇਸ ’ਤੇ ਵਿਚਾਰ ਵਟਾਂਦਰੇ ਤੋਂ ਬਾਅਦ 9 ਦਸੰਬਰ ਨੂੰ ਪ੍ਰਸਤਾਵ ਨੂੰ ਖਾਰਜ ਕਰ ਦਿੱਤਾ ਸੀ। ਕਿਸਾਨਾਂ ਦਾ ਵਿਰੋਧ ਅੱਜ 20ਵੇਂ ਦਿਨ ਵਿਚ ਦਾਖਲ ਹੋ ਗਿਆ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਦਰਸ਼ਨ ਪਾਲ ਨੇ ਕੇਂਦਰ ਸਰਕਾਰ ਨੂੰ ਲਿਖਤੀ ਜਵਾਬ ਵਿੱਚ ਕਿਹਾ ਕਿ ਸਾਰੇ ਕਿਸਾਨ ਸਮੂਹਾਂ ਨੇ ਸਰਕਾਰ ਵੱਲੋਂ ਭੇਜੇ ਪ੍ਰਸਤਾਵ ’ਤੇ ਵਿਚਾਰ ਵਟਾਂਦਰੇ ਕੀਤੇ ਹਨ ਅਤੇ ਸਰਬਸੰਮਤੀ ਨਾਲ ਇਸ ਨੂੰ ਰੱਦ ਕਰ ਦਿੱਤਾ ਹੈ ਕਿਉਂਕਿ ਇਹ 5 ਦਸੰਬਰ ਨੂੰ ਸਰਕਾਰ ਦੇ ਨੁਮਾਇੰਦਿਆਂ ਦੀ ਜ਼ੁਬਾਨੀ ਪ੍ਰਸਤਾਵ ਦੀ ਸਿਰਫ ਲਿਖਤੀ ਕਾਪੀ ਸੀ। ਕਿਸਾਨ ਯੂਨੀਅਨਾਂ ਨੇ ਸਰਕਾਰ ਨੂੰ ਲਿਖੇ ਆਪਣੇ ਪੱਤਰ ਵਿੱਚ ਇਹ ਵੀ ਕਿਹਾ ਕਿ ਉਹ ਕਿਸਾਨ ਅੰਦੋਲਨ ਦੇ ਅਕਸ ਨੂੰ ਢਾਹ ਨਾ ਲਗਾਏ ਅਤੇ ਹੋਰ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਬੰਦ ਕਰੇ।