ਗੁਰਦਾਸਪੁਰ, 16 ਜੂਨ

ਇਥੋਂ ਦੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ ਅਤੇ ਕਿਸਾਨਾਂ ਵੱਲੋਂ ਦਿੱਤੀ ਜਾ ਰਹੀ ਸਹਿਮਤੀ ਸਦਕਾ ਦਿੱਲੀ-ਕੱਟੜਾ ਐਕਸਪ੍ਰੈਸ ਵੇਅ ਦੇ ਸਿਰੇ ਚੜ੍ਹਨ ਲਈ ਰਾਹ ਲਗਪਗ ਪੱਧਰਾ ਹੋ ਗਿਆ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਕਿਸਾਨਾਂ, ਕਿਸਾਨ ਯੂਨੀਅਨਾਂ ਦੇ ਆਗੂਆਂ ਨਾਲ ਮੀਟਿੰਗਾਂ ਕਰਨ ਮਗਰੋਂ ਵੱਡੀ ਗਿਣਤੀ ਕਿਸਾਨਾਂ ਵੱਲੋਂ ਇਸ ਪ੍ਰਾਜੈਕਟ ਨੂੰ ਨੇਪਰੇ ਚਾੜ੍ਹਨ ਲਈ ਸਹਿਮਤੀ ਦਿੱਤੀ ਗਈ ਹੈ। ਜ਼ਿਲ੍ਹਾ ਗੁਰਦਾਸਪੁਰ ਦੇ ਜਿਨ੍ਹਾਂ 43 ਪਿੰਡਾਂ ਵਿਚੋਂ ਇਹ ਐਕਸਪ੍ਰੈਸ ਵੇਅ ਲੰਘਣਾ ਹੈ ਉਨ੍ਹਾਂ ਵਿਚੋਂ 20 ਪੰਚਾਇਤਾਂ ਨੇ ਲਿਖਤੀ ਮਤੇ ਪਾ ਕੇ ਆਪਣੀ ਸਹਿਮਤੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਰਹਿੰਦੀਆਂ ਪੰਚਾਇਤਾਂ ਵੱਲੋਂ ਮਤੇ ਪਾਉਣ ਲਈ ਸਹਿਮਤੀ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਵਿੱਚ ਇਸ ਗੱਲ ਲਈ ਵੀ ਸਹਿਮਤੀ ਬਣੀ ਹੈ ਕਿ ਜੇ ਕਿਸੇ ਨੂੰ ਜ਼ਮੀਨ ਦੇ ਮਿਲ ਰਹੇ ਮੁਆਵਜ਼ੇ ਦੇ ਭਾਅ ਸਬੰਧੀ ਕੋਈ ਇਤਰਾਜ਼ ਹੈ ਤਾਂ ਉਹ ਸਾਲਸ ਜ਼ਰੀਏ ਆਪਣੀ ਅਪੀਲ ਦਾਇਰ ਕਰਨਗੇ ਅਤੇ ਇਸ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਸਹਾਇਤਾ ਕੀਤੀ ਜਾਵੇਗੀ।ਇਸ ਤੋਂ ਪਹਿਲਾਂ ਉਨ੍ਹਾਂ ਵਲੋਂ ਕਿਸਾਨਾਂ ਦੇ ਤੌਖਲੇ ਦੂਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪਿੰਡਾਂ ਦੇ ਕਿਸਾਨਾਂ ਦਾ ਕਹਿਣਾ ਹੈ ਕਿ ਜ਼ਮੀਨ ਐਕੁਆਇਰ ਕਰਨ ਸਮੇਂ ਜੇ ਕੋਈ ਵਿਅਕਤੀ ਬਾਹਰੋਂ ਆ ਕੇ ਦਖ਼ਲ ਦੇਵੇਗਾ ਤਾਂ ਉਹ ਉਨ੍ਹਾਂ ਵਿਅਕਤੀਆਂ ਦਾ ਵਿਰੋਧ ਕਰਨਗੇ। ਇਸ ਪ੍ਰਾਜੈਕਟ ਨੂੰ ਨੇਪਰੇ ਚਾੜ੍ਹਨ ਲਈ ਕਿਸਾਨ ਖੁਦ ਵੀ ਅੱਗੇ ਆ ਰਹੇ ਹਨ ਅਤੇ ਜੇ ਫਿਰ ਵੀ ਕਿਸੇ ਕਿਸਾਨ ਨੂੰ ਇਤਰਾਜ਼ ਹੋਵੇ ਤਾਂ ਉਨ੍ਹਾਂ ਨਾਲ ਗੱਲਬਾਤ ਲਈ ਜ਼ਿਲ੍ਹਾ ਪ੍ਰਸ਼ਾਸਨ ਹਰ ਸਮੇਂ ਹਾਜ਼ਰ ਹੈ।