ਪਟਿਆਲਾ 30 ਨਵੰਬਰ
ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੈਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਤੁਰੰਤ ਗੱਲਬਾਤ ਸ਼ੁਰੂ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਠੰਢ ਦੇ ਮੱਦੇਨਜ਼ਰ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਬੁਰਾੜੀ ਜਾਣ ਦੀ ਸ਼ਰਤ ਛੱਡ ਕੇ 3 ਦਸੰਬਰ ਤੋਂ ਪਹਿਲਾਂ ਹੀ ਗੱਲਬਾਤ ਸ਼ੁਰੂ ਕਰੇ।ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਢੀਂਡਸਾ ਨੇ ਕਿਹਾ ਕਿ ਕਿਸਾਨ ਅੰਦੋਲਨ ਵਿੱਚ ਬਹੁਤ ਸਾਰੇ ਬਜ਼ੁਰਗ, ਬੀਬੀਆਂ ਤੇ ਬੱਚੇ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਠੰਢੀਆਂ ਰਾਤਾਂ ਖੁੱਲ੍ਹੇ ਮੈਦਾਨਾਂ ਵਿੱਚ ਕੱਟਣੀਆਂ ਪੈ ਰਹੀਆਂ ਹਨ। ਕੇਂਦਰ ਸਰਕਾਰ ਨੂੰ ਹਾਲ ਦੀ ਘੜੀ ਖੇਤੀ ਕਾਨੂੰਨ ਲਾਗੂ ਕਰਨ ਦੇ ਅਮਲ ਨੂੰ ਰੋਕਣ ਦਾ ਐਲਾਨ ਕਰਨਾ ਚਾਹੀਦਾ ਹੈ, ਤਾਂ ਕਿ ਕਿਸਾਨਾਂ ਨਾਲ ਗੱਲਬਾਤ ਕਰਨ ਦਾ ਸੁਖਾਵਾਂ ਮਾਹੌਲ ਬਣ ਸਕੇ। ਸ੍ਰੀ ਢੀਂਡਸਾ ਨੇ ਕਿਹਾ ਕਿ ਅਕਾਲੀ ਦਲ ਡੈਮੋਕ੍ਰੈਟਿਕ ਦੇ ਆਗੂਆਂ ਤੇ ਵਰਕਰਾਂ ਨੇ ਕਿਸਾਨ ਅੰਦੋਲਨ ਦੌਰਾਨ ਦਿੱਲੀ ਵਿੱਚ ਗ੍ਰਿਫ਼ਤਾਰੀਆਂ ਦੇ ਕੇ ਕਿਸਾਨ ਸੰਘਰਸ਼ ਨੂੰ ਮਜ਼ਬੂਤੀ ਦਿੱਤੀ ਹੈ।