ਐੱਸਏਐੱਸ ਨਗਰ (ਮੁਹਾਲੀ), 8 ਜੂਨ
ਕਿਸਾਨਾਂ ਨੂੰ ਫ਼ਸਲੀ ਚੱਕਰ ਤੋਂ ਕੱਢਣ ਲਈ ਜਿਣਸਾਂ ਦਾ ਸਹੀ ਮੁੱਲ ਦੇਣਾ ਅਤਿ ਜ਼ਰੂਰੀ ਹੈ। ਫ਼ਸਲੀ ਚੱਕਰ ’ਚੋਂ ਨਿਕਲ ਕੇ ਕਿਸਾਨ ਆਪਣੀ ਆਰਥਿਕ ਸਥਿਤੀ ਨੂੰ ਹੋਰ ਵੀ ਬਿਹਤਰ ਕਰ ਸਕਦੇ ਹਨ। ਇਹ ਗੱਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈਐੱਸਬੀ) ਵਿੱਚ ਫ਼ਸਲੀ ਵਿਭਿੰਨਤਾ ਵਿਸ਼ੇ ’ਤੇ ਕਰਵਾਏ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਆਖੀ।
ਸਪੀਕਰ ਨੇ ਕਿਹਾ ਕਿ ਸੂਬਾ ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਹੈ। ਇਸ ਮੰਤਵ ਲਈ ਕਿਸਾਨਾਂ ਦਾ ਖ਼ੁਸ਼ਹਾਲ ਹੋਣਾ ਬਹੁਤ ਲਾਜ਼ਮੀ ਹੈ। ਜੇਕਰ ਕਿਸਾਨ ਖ਼ੁਸ਼ਹਾਲ ਹੋਣਗੇ ਤਾਂ ਪੰਜਾਬ ਅਤੇ ਦੇਸ਼ ਖ਼ੁਦ ਖ਼ੁਸ਼ਹਾਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਫ਼ਸਲੀ ਵਿਭਿੰਨਤਾ ਅਪਣਾਉਣਾ ਜ਼ਰੂਰੀ ਹੈ। ਇਸ ਸਬੰਧੀ ਲਈ ਕਿਸਾਨਾਂ ਨੂੰ ਵਿਸ਼ਵਾਸ ਦਿਵਾਉਣਾ ਹੋਵੇਗਾ ਕਿ ਜੇਕਰ ਉਹ ਫ਼ਸਲੀ ਵਿਭਿੰਨਤਾ ਅਪਣਾ ਕਿ ਦੂਜੀਆਂ ਫ਼ਸਲਾਂ ਬੀਜਦੇ ਹਨ ਤਾਂ ਉਨ੍ਹਾਂ ਨੂੰ ਆਪਣੇ ਝਾੜ ਦਾ ਵਾਧੂ ਮੁੱਲ ਮਿਲੇਗਾ। ਉਨ੍ਹਾਂ ਕਿਹਾ ਕਿ ਐੱਮਐੱਸਪੀ ਬਹੁਤ ਜ਼ਰੂਰੀ ਹੈ ਅਤੇ ਕਿਸਾਨਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਲਈ ਸਾਨੂੰ ਵੱਧ ਤੋਂ ਵੱਧ ਐੱਮਐੱਸਪੀ ਦੇਣੀ ਹੋਵੇਗੀ।