ਲਹਿਰਾਗਾਗਾ, 5 ਦਸੰਬਰ
ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਲਈ ਦਿੱਲੀ ਵਿੱਚ ਜਾਰੀ ਕਿਸਾਨ ਸੰਘਰਸ਼ ਦੇ ਨਾਲ ਨਾਲ ਇਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੰਬਾਨੀਆਂ ਦੇ ਰਿਲਾਇੰਸ ਪੰਪ ਲੇਹਲ ਖੁਰਦ ਅੱਗੇ ਦਿੱਤਾ ਜਾ ਰਿਹਾ ਧਰਨਾ ਲਗਾਤਾਰ 66ਵੇਂ ਦਿਨ ’ਚ ਸ਼ਾਮਲ ਹੋ ਗਿਆ ਹੈ। ਇਸ ਮੌਕੇ ਧਰਨਾਕਾਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ਼ ਰੋਹ ਭਰਪੂਰ ਨਾਅਰੇਬਾਜੀ ਕਰਦੇ ਹੋਏ ਲਹਿਲ ਖੁਰਦ ਕੈਂਚੀਆਂ ’ਚ ਅਰਥੀ ਸਾੜ੍ਹੀ ਗਈ ਅਤੇ ਔਰਤਾਂ ਨੇ ਮੋਦੀ ਦਾ ਪਿੱਟ ਸਿਆਪਾ ਕੀਤਾ।
ਬਨੂੜ(ਕਰਮਜੀਤ ਸਿੰਘ ਚਿੱਲਾ): ਕਿਸਾਨ ਜਥੇਬੰਦੀਆਂ ਦੇ ਸੱਦੇ ਉੱਤੇ ਅੱਜ ਬਨੂੜ ਦੀ ਅਨਾਜ ਮੰਡੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ, ਆੜ੍ਹਤੀ, ਮੁਨੀਮ, ਮਜ਼ਦੂਰ ਅਤੇ ਟੈਂਪੂ ਤੇ ਟਰੱਕ ਯੂਨੀਅਨਾਂ ਦੇ ਨੁਮਾਇੰਦੇ ਵੀ ਸ਼ਾਮਿਲ ਹੋਏ। ਇਸ ਮੌਕੇ ਕੇਂਦਰ ਸਰਕਾਰ ਅਤੇ ਅੰਬਾਨੀ-ਅੰਡਾਨੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਅੱਠ ਦਸੰਬਰ ਦੇ ਭਾਰਤ ਬੰਦ ਦੇ ਸੱਦੇ ਨੂੰ ਬਨੂੜ ਖੇਤਰ ਵਿੱਚ ਸਫ਼ਲ ਬਣਾਉਣ ਦਾ ਵੀ ਅਹਿਦ ਲਿਆ। ਇਕੱਤਰਤਾ ਵਿੱਚ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨਾਂ ਸਾਧੂ ਸਿੰਘ ਖਲੌਰ, ਜਸਵਿੰਦਰ ਸਿੰਘ ਜੱਸੀ ਆਦਿ ਵੱਡੀ ਗਿਣਤੀ ਵਿੱਚ ਨੁਮਾਇੰਦੇ ਮੌਜੂਦ ਸਨ।