ਮੋਗਾ, 24 ਅਕਤੂਬਰ

ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਵਿੱਚ ਚੱਲ ਰਹੇ ਕਿਸਾਨੀ ਅੰਦੋਲਨ ਦੌਰਾਨ ਅੱਜ ਭਾਜਪਾ ਨੂੰ ਅੱਜ ਉਸ ਵੇਲੇ ਤਕੜਾ ਝਟਕਾ ਲੱਗਿਆ ਜਦੋਂ ਉਸ ਦੇ ਪੰਜਾਬ ਭਾਜਪਾ ਕਿਸਾਨ ਮੋਰਚਾ ਦੇ ਇੰਚਾਰਜ ਤਰਲੋਚਨ ਸਿੰਘ ਗਿੱਲ ਨੇ ਪਾਰਟੀ ਛੱਡਣ ਦਾ ਐਲਾਨ ਕਰਕੇ ਕਿਸਾਨ ਅੰਦੋਲਨ ਦਾ ਸਮਰਥਨ ਕਰ ਦਿੱਤਾ। ਵਰਨਣਯੋਗ ਹੈ ਕਿ ਇਥੇ ਸਥਿਤ ਉਨ੍ਹਾਂ ਦੇ ਘਰ ਦੇ ਬਾਹਰ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਅੱਜ 13ਵੇਂ ਦਿਨ ਧਰਨਾ ਦਿੱਤਾ ਜਾ ਰਿਹਾ ਸੀ। ਸ੍ਰੀ ਗਿੱਲ ਨੇ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਤੇ ਬਲੌਰ ਸਿੰਘ ਘਾਲੀ ਨਾਲ ਗੱਲਬਾਤ ਕਰਕੇ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਲੰਮੇ ਸਮੇਂ ਤੋਂ ਪਾਰਟੀ ਲੀਡਰਸ਼ਿਪ ਨੂੰ ਖੇਤੀ ਕਾਨੂੰਨ ਵਾਪਸ ਲੈਣ ਲਈ ਕਹਿ ਰਹੇ ਸਨ ਪਰ ਕਿਸੇ ਨੇ ਉਨ੍ਹਾਂ ਦੀ ਨਹੀਂ ਮੰਨੀ ਤੇ ਆਖਰ ਉਨ੍ਹਾਂ ਪਾਰਟੀ ਛੱਡਣ ਦਾ ਫ਼ੈਸਲਾ ਕਰ ਲਿਆ। ਉਹ ਪੰਜਾਬ ਭਾਜਪਾ ਦਾ ਕਾਰਜਕਾਰਨੀ ਦੇ ਮੈਂਬਰ ਹਨ ਤੇ ਦੋ ਵਾਰ ਭਾਜਪਾ ਮੋਗਾ ਜ਼ਿਲ੍ਹਾ ਪ੍ਰਧਾਨ ਰਹਿ ਚੁੱਕੇ ਹਨ। ਇਸ ਦੌਰਾਨ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਸਰਦੂਲ ਸਿੰਘ ਕੰਗ ਨੇ ਵੀ ਪਾਰਟੀ ਛੱਡ ਦਾ ਐਲਾਨ ਕੀਤਾ ਹੈ।