ਮਾਨਸਾ, 28 ਦਸੰਬਰ

ਦਿੱਲੀ ਦੇ ਕਿਸਾਨ ਅੰਦੋਲਨ ਤੋਂ ਵਾਪਸ ਆ ਰਹੀ ਮਜ਼ਦੂਰ ਮੁਕਤੀ ਮੋਰਚਾ ਦੀ ਸਰਗਰਮ ਮਹਿਲਾ ਆਗੂ ਮਲਕੀਤ ਕੌਰ ‌ਦੀ ਫ਼ਤਿਆਬਾਦ ਨੇੜੇ ਹਾਦਸੇ ਵਿਚ ਮੌਤ ਹੋ ਗਈ। ਸੀਪੀਆਈ (ਐਮ ਐਲ) ਲਿਬਰੇਸ਼ਨ ਦੇ ਕੇਂਦਰੀ ਆਗੂ ਰਾਜਵਿੰਦਰ ਸਿੰਘ ਰਾਣਾ ਨੇ ਇਸ ਪੱਤਰਕਾਰ ਨੂੰ ਦੱਸਿਆ ਕਿ ਮਹਿਲਾ ਆਗੂ ਨੂੰ ਸੜਕ ਪਾਰ ਕਰਦਿਆਂ ਇੱਕ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ। ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਮਹਿਲਾ ਆਗੂ ਕਿਸੇ ਵੇਲੇ ਕਾਂਗਰਸ ਦੀ ਆਗੂ ਰਹੀ ਸੀ ਅਤੇ ਹੁਣ ਲੰਬੇ ਸਮੇਂ ਤੋਂ ਮਜ਼ਦੂਰ ਮੁਕਤੀ ਮੋਰਚਾ ਨਾਲ ਜੁੜੀ ਹੋਈ ਸੀ। ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ ਨੇ ਪੰਜਾਬ ਅਤੇ ਹਰਿਆਣਾ ਸਰਕਾਰ ਤੋਂ ਪਰਿਵਾਰ ਦੇ ਇੱਕ ਜੀਅ ਨੂੰ ਨੌਕਰੀ, ਕਰਜ਼ਾ ਮੁਆਫੀ ਅਤੇ ਦਸ ਲੱਖ ਰੁਪਏ ਦਾ ਮੁਆਵਜ਼ੇ ਦੇਣ ਦੀ ਮੰਗ ਕੀਤੀ ਹੈ।