ਨਵੀਂ ਦਿੱਲੀ, 29 ਨਵੰਬਰ

ਸੰਸਦ ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਨੂੰ ਪ੍ਰਦਰਸ਼ਨਕਾਰੀਆਂ ਦੀ ਜਿੱਤ ਕਰਾਰ ਦਿੰਦਿਆਂ ਪੰਜਾਬ ਦੇ ਕਿਸਾਨ ਆਗੂਆਂ ਨੇ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ’ਤੇ ਕਾਨੂੰਨੀ ਗਾਰੰਟੀ ਦੇਣ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਸੰਯੁਕਤ ਕਿਸਾਨ ਮੋਰਚੇ ਦੀ ਪਹਿਲੀ ਦਸੰਬਰ ਨੂੰ ਹੋਣ ਵਾਲੀ ਐਮਰਜੈਂਸੀ ਮੀਟਿੰਗ ਵਿੱਚ ਭਵਿੱਖੀ ਰਣਨੀਤੀ ਤੈਅ ਕੀਤੀ ਜਾਵੇਗੀ। ਪੰਜਾਬ ਦੀਆਂ 32 ਕਿਸਾਨ ਯੂਨੀਅਨਾਂ ਦੇ ਆਗੂਆਂ ਨੇ ਸੋਮਵਾਰ ਨੂੰ ਇੱਥੇ ਸਿੰਘੂ ਬਾਰਡਰ ’ਤੇ ਪ੍ਰੈੱਸ ਕਾਨਫਰੰਸ ਦੌਰਾਨ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ, ਸੰਘਰਸ਼ ਦੌਰਾਨ ਮਾਰੇ ਗਏ ਲੋਕਾਂ ਲਈ ਮੁਆਵਜ਼ਾ ਅਤੇ ਕਿਸਾਨਾਂ ਖ਼ਿਲਾਫ਼ ਦਰਜ ਕੇਸ ਵਾਪਸ ਲੈਣ ਸਣੇ ਛੇ ਨੁਕਾਤੀ ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੇਂਦਰ ਕੋਲ ਜਵਾਬ ਦੇਣ ਲਈ ਮੰਗਲਵਾਰ ਤੱਕ ਦਾ ਸਮਾਂ ਹੈ। ਸੰਸਦ ਦੇ ਸਰਦ-ਰੁੱਤ ਸੈਸ਼ਨ ਦੇ ਸ਼ੁਰੂਆਤੀ ਦਿਨ ਦੋਵਾਂ ਸਦਨਾਂ ਨੇ ਖੇਤੀ ਕਾਨੂੰਨ ਵਾਪਸ ਲੈਣ ਸਬੰਧੀ ਬਿੱਲ ਪਾਸ ਕਰ ਦਿੱਤੇ ਹਨ।