ਚੰਡੀਗੜ੍ਹ: ਖਨੌਰੀ ਸਰਹੱਦ ’ਤੇ ਮਰ.ਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਸੰਘਰਸ਼ ਆਖਰਕਾਰ ਰੰਗ ਲੈ ਆਇਆ ਹੈ। ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ, ਕਰਜ਼ਾ ਮੁਆਫੀ ਸਮੇਤ 16 ਪ੍ਰਮੁੱਖ ਮੰਗਾਂ ਨੂੰ ਲੈ ਕੇ ਫਰਵਰੀ 2024 ਤੋਂ ਕੇਂਦਰ ਅਤੇ ਕਿਸਾਨਾਂ ਵਿਚਾਲੇ ਚੱਲ ਰਿਹਾ ਡੈੱਡਲਾਕ ਖਤਮ ਹੋ ਗਿਆ ਹੈ।
ਸੁਪਰੀਮ ਕੋਰਟ ਦੀ ਦਖਲਅੰਦਾਜ਼ੀ ਦਾ ਅਸਰ ਇਹ ਹੋਇਆ ਕਿ ਕੇਂਦਰ ਦੀ ਟੀਮ ਸ਼ਨੀਵਾਰ ਨੂੰ ਖਨੌਰੀ ਸਰਹੱਦ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਉਨ੍ਹਾਂ ਦੀਆਂ ਮੰਗਾਂ ‘ਤੇ ਵਿਚਾਰ ਕਰਨ ਦਾ ਪ੍ਰਸਤਾਵ ਲੈ ਕੇ ਪਹੁੰਚੀ। ਸ਼ਨੀਵਾਰ ਨੂੰ ਖਨੌਰੀ ਸਰਹੱਦ ‘ਤੇ ਪੰਜ ਘੰਟੇ ਤੱਕ ਚੱਲੀ ਮੀਟਿੰਗ ਦਾ ਦੌਰ ਫੈਸਲਾਕੁੰਨ ਰਿਹਾ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮ.ਰਨ ਵਰਤ ਜਾਰੀ ਰਹੇਗਾ। ਹਾਲਾਂਕਿ ਉਹ ਡਾਕਟਰੀ ਸਹਾਇਤਾ ਲੈਣ ਲਈ ਰਾਜ਼ੀ ਹੋ ਗਏ ਹਨ।
ਕਿਸਾਨ ਅਤੇ ਕੇਂਦਰ ਵਿਚਾਲੇ 14 ਫਰਵਰੀ ਨੂੰ ਚੰਡੀਗੜ੍ਹ ਵਿੱਚ ਗੱਲਬਾਤ ਮੁੜ ਸ਼ੁਰੂ ਕਰਨ ਦੇ ਸੰਦੇਸ਼ ਕਾਰਨ ਹੁਣ 101 ਕਿਸਾਨਾਂ ਦੇ ਜਥੇ ਵੱਲੋਂ 21 ਜਨਵਰੀ ਨੂੰ ਸ਼ੰਭੂ ਬਾਰਡਰ ਤੋਂ ਦਿੱਲੀ ਤੱਕ ਮਾਰਚ ਕਰਨ ਦਾ ਫੈਸਲਾ ਵੀ ਰੱਦ ਕਰ ਦਿੱਤਾ ਗਿਆ ਹੈ। ਕੇਂਦਰੀ ਟੀਮ ਨੇ 14 ਫਰਵਰੀ ਨੂੰ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਵੱਲੋਂ ਕੋਈ ਵੱਡਾ ਕਦਮ ਨਾ ਚੁੱਕਣ ਦੀ ਵੀ ਹਾਮੀ ਭਰੀ ਹੈ।