ਜਲੰਧਰ, 20 ਅਗਸਤ

ਕਿਸਾਨ ਜੱਥੇਬੰਦੀਆਂ ਨੇ ਅੱਜ ਧੰਨੋਵਾਲੀ ਨੇੜੇ ਕੌਮੀ ਮਾਰਗ ’ਤੇ ਧਰਨਾ ਲਾ ਦਿੱਤਾ ਹੈ। ਇਸ ਧਰਨੇ ਵਿੱਚ 32 ਕਿਸਾਨ ਜੱਥੇਬੰਦੀਆਂ ਦੇ ਆਗੂ ਤੇ ਨੁਮਾਇੰਦੇ ਹਿੱਸਾ ਲੈ ਰਹੇ ਹਨ। ਇਹ ਧਰਨਾ ਇਸ ਕਰਕੇ ਲਾਇਆ ਗਿਆ ਕਿ ਪਿਛਲੇ ਪੰਜ ਸਾਲ ਤੋਂ ਸਰਕਾਰ ਨੇ ਗੰਨੇ ਦਾ ਭਾਅ ਨਹੀਂ ਵਧਾਇਆ। ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਦੱਸਿਆ ਕਿ ਗੰਨੇ ਦਾ ਭਾਅ ਪੰਜਾਬ ਵਿੱਚ 310 ਰੁਪਏ ਹੈ ਜਦ ਕਿ ਹਰਿਆਣਾ ਵਿੱਚ 358 ਰੁਪਏ ਹੈ। ਖੰਡ ਮਿੱਲਾਂ ਵੱਲ 200 ਕਰੋੜ ਰੁਪਏ ਬਕਾਇਆ ਖੜ੍ਹਾ ਹੈ। ਦਿੱਲੀ ਨੂੰ ਜਾਣ ਵਾਲੇ ਇਸ ਕੌਮੀ ਮਾਰਗ ’ਤੇ ਕਿਸਾਨਾਂ ਵੱਲੋਂ ਲਾਏ ਜਾਮ ਕਾਰਨ ਪੁਲੀਸ ਪ੍ਰਸ਼ਾਸ਼ਨ ਨੂੰ ਆਵਾਜਾਈ ਦੇ ਰੂਟ ਬਦਲਣ ਲਈ ਮਜ਼ਬੂਰ ਹੋਣਾ ਪਿਆ ਹੈ। ਕਿਸਾਨਾਂ ਵੱਲੋਂ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

ਜਮਹੂਰੀ ਕਿਸਾਨ ਸਭਾ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ 55 ਕਰੋੜ ਸਹਿਕਾਰੀ ਖੰਡ ਮਿੱਲਾਂ ਵੱਲ ਬਕਾਇਆ ਹੈ ਤੇ 145 ਕਰੋੜ ਨਿੱਜੀ ਖੰਡ ਮਿੱਲਾਂ ਵੱਲ ਖੜ੍ਹਾ ਹੈ।