ਚੰਡੀਗੜ੍ਹ : ਪਿਛਲੇ ਦਿਨਾਂ ਦੌਰਾਨ ਕਿਸਾਨ ਆਗੂਆਂ ਖ਼ਿਲਾਫ਼ ਵਿਵਾਦਗ੍ਰਸਤ ਟਿੱਪਣੀਆਂ ਕਰਨ ਵਾਲੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਇਕ ਬਿਆਨ ਵਿਚ ਪਰਾਲੀ ਜਲਾਉਣ ਦੇ ਮੁੱਦੇ ਉਤੇ ਕਿਸਾਨਾਂ ਦਾ ਪੱਖ ਪੂਰਦਿਆਂ ਕਿਹਾ ਹੈ ਕਿ ਇਹ ਬਹੁਤ ਗੰਭੀਰ ਮੁੱਦਾ ਹੈ, ਜਿਸ ਦਾ ਕਿਸਾਨ ਆਗੂਆਂ ਅਤੇ ਸੂਬਾਈ ਤੇ ਕੇਂਦਰੀ ਸਰਕਾਰਾਂ ਨੂੰ ਮਿਲ ਕੇ ਕੋਈ ਹੱਲ ਲੱਭਣਾ ਚਾਹੀਦਾ ਹੈ।
ਗਿੱਦੜਬਾਹਾ ਵਿਚ ਚੋਣ ਮੁਹਿੰਮ ਦੌਰਾਨ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘‘ਇਹ ਬਹੁਤ ਗੰਭੀਰ ਮੁੱਦਾ ਹੈ, ਇਹ ਕੋਈ ਬਿਆਨਬਾਜ਼ੀ ਵਾਲੀ ਗੱਲ ਨਹੀਂ ਹੈ, ਇਸ ਵਿਚ ਪੰਜਾਬ ਦੇ ਮੁੱਖ ਮੰਤਰੀ ਤੇ ਕੇਂਦਰ ਸਰਕਾਰ ਅਤੇ ਕਿਸਾਨ ਲੀਡਰਸ਼ਿਪ ਸਾਰਿਆਂ ਨੂੰ ਸਿਰ ਜੋੜ ਕੇ ਬੈਠਣਾ ਪਵੇਗਾ ਅਤੇ ਕੋਈ ਹੱਲ ਕੱਢਣਾ ਪਵੇਗਾ।ਸਾਨੂੰ ਇਸ ਮਸਲੇ ਦੇ ਹੱਲ ਲਈ ਕਿਸਾਨਾਂ ਦੀ ਜੇਬ ਵਿਚ ਕੁਝ ਪਾਉਣਾ ਪਵੇਗਾ, ਨਹੀਂ ਤਾਂ ਕਿਸਾਨ ਜੇ ਪਰਾਲੀ ਨੂੰ ਜਲਾਵੇ ਨਾ ਤਾਂ ਉਸ ਦਾ ਕੀ ਕਰੇ। ਇਸ ਦੀ ਪਹਿਲੀ ਮੁੱਖ ਮੰਤਰੀ ਪੰਜਾਬ ਨੂੰ ਕਰਨੀ ਚਾਹੀਦੀ ਹੈ।’’
ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਵੱਲੋਂ ਅਹੁਦੇ ਤੋਂ ਦਿੱਤੇ ਗਏ ਅਸਤੀਫ਼ੇ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਇਸ ਬਾਰੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਵਿਜੇ ਰੂਪਾਣੀ ਪਹਿਲਾਂ ਹੀ ਮੀਡੀਆ ਵਿਚ ਆਖ ਚੁੱਕੇ ਹਨ ਕਿ ‘ਉਨ੍ਹਾਂ ਦੇ ਅਸਤੀਫ਼ੇ ਦੀ ਕੋਈ ਗੱਲ ਨਹੀਂ ਹੈ ਅਤੇ ਉਹੀ ਸੂਬਾ ਪ੍ਰਧਾਨ ਹਨ।’ ਬਿੱਟੂ ਨੇ ਕਿਹਾ ਕਿ ਉਹ ਇਸ ਬਾਰੇ ਹੋਰ ਕੁਝ ਨਹੀਂ ਕਹਿਣਾ ਚਾਹੁੰਦੇ।