ਮੋਰਿੰਡਾ, 23 ਅਗਸਤ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੰਗਰੂਰ ਜ਼ਿਲ੍ਹੇ ਵਿੱਚ ਪੁਲੀਸ ਵੱਲੋਂ ਕੀਤੇ ਲਾਠੀਚਾਰਜ ਦੌਰਾਨ ਹੋਈ ਕਿਸਾਨ ਦੀ ਮੌਤ ਮਾਮਲੇ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਸ੍ਰੀ ਚੰਨੀ ਨੇ ਬੀਤੇ ਦਿਨ ਸੰਗਰੂਰ ਜ਼ਿਲ੍ਹੇ ਦੇ ਲੌਂਗੋਵਾਲ ਵਿੱਚ ਕਿਸਾਨਾਂ ’ਤੇ ਹੋਏ ਲਾਠੀਚਾਰਜ ਅਤੇ ਇੱਕ ਕਿਸਾਨ ਦੀ ਮੌਤ ਦੇ ਮਾਮਲੇ ਦੀ ਤੁਲਨਾ ਬਰਗਾੜੀ ਕਾਂਡ ਨਾਲ ਕਰਦਿਆਂ ਕਿਹਾ ਕਿ ਜੇਕਰ ਬਰਗਾੜੀ ਕਾਂਡ ’ਚ ਪੁਲੀਸ ਵੱਲੋਂ ਚਲਾਈ ਗੋਲੀ ਨਾਲ ਦੋ ਸਿੱਖਾਂ ਦੇ ਸ਼ਹੀਦ ਹੋਣ ਲਈ ਤਤਕਾਲੀ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਕੇਸ ਕੀਤਾ ਜਾ ਸਕਦਾ ਹੈ ਤਾਂ ਹੁਣ ਲੌਂਗੋਵਾਲ ਕਾਂਡ ਵਿੱਚ ਇੱਕ ਕਿਸਾਨ ਦੇ ਸ਼ਹੀਦ ਹੋਣ ਮਗਰੋਂ ਮੌਜੂਦਾ ਗ੍ਰਹਿ ਮੰਤਰੀ ਭਗਵੰਤ ਮਾਨ ’ਤੇ ਵੀ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ। ਇਲਾਕੇ ਦੇ ਪੰਚਾਂ, ਸਰਪੰਚਾਂ, ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਅਮਨ ਕਾਨੂੰਨ ਦੀ ਸਥਿਤੀ ’ਤੇ ਕੋਈ ਕੰਟਰੋਲ ਨਾ ਹੋਣ ਕਾਰਨ ਸੂਬੇ ਦੇ ਹਾਲਾਤ ਬਹੁਤ ਹੀ ਚਿੰਤਾਜਨਕ ਹਨ। ਇਹ ਸਾਰੇ ਨੁਮਾਇੰਦੇ ਸ੍ਰੀ ਚੰਨੀ ਨੂੰ ਕਾਂਗਰਸ ਵਰਕਿੰਗ ਕਮੇਟੀ ਦਾ ਮੈਂਬਰ ਬਣਨ ’ਤੇ ਸਨਮਾਨਿਤ ਕਰਨ ਲਈ ਉਨ੍ਹਾਂ ਦੀ ਮੋਰਿੰਡਾ ਸਥਿਤ ਰਿਹਾਇਸ਼ ’ਤੇ ਇਕੱਤਰ ਹੋਏ ਸਨ। ਸ੍ਰੀ ਚੰਨੀ ਨੇ ਕਿਹਾ ਕਿ ਲੋਕਾਂ ਨੇ ਬਦਲਾਅ ਲਈ ‘ਆਪ’ ਨੂੰ ਸੱਤਾ ਸੌਂਪੀ ਸੀ ਪਰ ਮੁੱਖ ਮੰਤਰੀ ਭਗਵੰਤ ਮਾਨ ਸਟੇਟ ਨੂੰ ਸਟੇਜ ਦੀ ਤਰ੍ਹਾਂ ਚਲਾ ਰਹੇ ਹਨ ਅਤੇ ਆਪਣੇ ਆਕਾ ਕੇਜਰੀਵਾਲ ਨੂੰ ਖੁਸ਼ ਕਰਨ ਲਈ ਪੰਜਾਬ ਦੇ ਖਜ਼ਾਨੇ ਦਾ ਮੂੰਹ ਦੂਜਿਆਂ ਸੂਬਿਆਂ ਵਿੱਚ ਪਾਰਟੀ ਦਾ ਪ੍ਰਚਾਰ ਕਰਨ ਲਈ ਖੋਲ੍ਹਿਆ ਹੋਇਆ ਹੈ।