ਪਟਿਆਲਾ, 22 ਦਸੰਬਰ
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਵਫ਼ਦ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 22 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਇਕ ਦਿਨ ਲਈ ਅੱਗੇ ਪਾ ਦਿੱਤੀ ਗਈ ਹੈ। ਇਹ ਮੀਟਿੰਗ ਹੁਣ 23 ਦਸੰਬਰ ਨੂੰ ਹੋਵੇਗੀ। ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਨੇ ਦੱਸਿਆ ਕਿ ਮੀਟਿੰਗ ਵਿੱਚ ਤਬਦੀਲੀ ਸਬੰਧੀ ਮੁੱਖ ਮੰਤਰੀ ਦਫ਼ਤਰ ਵੱਲੋਂ ਯੂਨੀਅਨ ਦੇ ਸੂਬਾਈ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੂੰ ਪੱਤਰ ਲਿਖ ਕੇ ਜਾਣੂ ਕਰਵਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪੰਜਾਬ ਨਾਲ ਸਬੰਧਤ ਕਿਸਾਨੀ ਅਤੇ ਹੋਰ ਮਸਲਿਆਂ ਨੂੰ ਲੈ ਕੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਧਰਨੇ ਲਾਏ ਜਾ ਰਹੇ ਹਨ ਜਿਸ ਦੇ ਚੱਲਦਿਆਂ ਮੁੱਖ ਮੰਤਰੀ ਵੱਲੋਂ ਯੂਨੀਅਨ ਨੂੰ ਗੱਲਬਾਤ ਲਈ ਸੱਦਿਆ ਗਿਆ ਹੈ। ਇਸੇ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਪ੍ਰਧਾਨ ਮਨਜੀਤ ਸਿੰਘ ਨਿਆਲ ਵੀ ਅਗਵਾਈ ਹੇਠ ਮਿਨੀ ਸਕੱਤਰੇਤ ਦੇ ਬਾਹਰ ਅੱਜ ਤੀਜੇ ਦਿਨ ਵੀ ਧਰਨਾ ਜਾਰੀ ਰਿਹਾ।