ਅੰਮ੍ਰਿਤਸਰ, 21 ਜੁਲਾਈ
ਕੇਂਦਰੀ ਆਡੀਨੈਂਸਾਂ ਦਾ ਵਿਰੋਧ ਕਰ ਰਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਜ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਘਰ ਦੇ ਨੇੜੇ ਵਿਖਾਵਾ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਇਹ ਇਨ੍ਹਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ ਅਤੇ ਇਸ ਸਬੰਧੀ ਸੰਸਦ ਮੈਂਬਰ ਨੂੰ ਮੰਗਪੱਤਰ ਵੀ ਸੌਂਪਿਆ। ਜਥੇਬੰਦੀ ਦੀ ਸੂਬਾ ਕਮੇਟੀ ਦੇ ਸੱਦੇ ’ਤੇ ਇਥੇ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਘਰ ਦੇ ਨੇੜੇ ਧਰਨਾ ਦਿੱਤਾ ਗਿਆ। ਮੀਂਹ ਦੇ ਬਾਵਜੂਦ ਕਿਸਾਨ ਇਕੱਠੇ ਹੋਏ। ਧਰਨੇ ਦੀ ਪ੍ਰਧਾਨਗੀ ਲਖਵਿੰਦਰ ਸਿੰਘ, ਜਰਮਨਜੀਤ ਸਿੰਘ ਤੇ ਰਣਜੀਤ ਸਿੰਘ ਨੇ ਕੀਤੀ। ਬੁਲਾਰਿਆਂ ਵਿਚ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਗੁਰਬਚਨ ਸਿੰਘ ਚਬਾ ਤੇ ਹੋਰ ਸ਼ਾਮਲ ਸਨ। ਉਨ੍ਹਾਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਨੇ ਤਿੰਨ ਆਰਡੀਨੈਂਸ ਜਾਰੀ ਕੀਤੇ ਹਨ, ਜੋ ਕਿ ਲੋਕ ਵਿਰੋਧੀ ਹਨ। ਉਨ੍ਹਾਂ ਦੋਸ਼ ਲਾਇਆ ਕਿ ਇਸ ਨਾਲ ਸਰਕਾਰੀ ਪੱਧਰ ’ਤੇ ਹੁੰਦੀ ਖਰੀਦ ਨੂੰ ਖਤਮ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਇਸ ਰਾਹੀਂ ਮੰਡੀ ਬੋਰਡ ਖਤਮ ਕਰ ਦਿੱਤਾ ਜਾਵੇਗਾ। ਕਿਸਾਨਾਂ ਨੇ ਬਿਜਲੀ ਸੋਧ ਬਿੱਲ 2020 ਖਿਲਾਫ ਕੀਤੀ ਜਾ ਰਹੀ ਹੜਤਾਲ ਦੀ ਹਮਾਇਤ ਦਾ ਐਲਾਨ ਕੀਤਾ।