ਬਠਿੰਡਾ, 24 ਅਗਸਤ
ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਪਹਾੜੀ ਰਾਜਾਂ ਨੂੰ ਦਿੱਤੀ ਟੈਕਸ ਛੋਟ ਦੇ ਮਾਮਲੇ ‘ਤੇ ਕੇਂਦਰੀ ਵਜ਼ਾਰਤ ਤਿਆਗੇ ਜਾਂ ਫਿਰ ਕੇਂਦਰ ਸਰਕਾਰ ਤੋਂ ਪੰਜਾਬ ਲਈ ਟੈਕਸ ਛੋਟ ਦੀ ਮੰਗ ਕਰੇ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਨੇ ਆਪਣੇ ਵੱਲੋਂ ਕੇਂਦਰ ਨੂੰ ਅਪੀਲ ਕੀਤੀ ਹੈ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਇਸ ਮਾਮਲੇ ‘ਤੇ ਸਟੈਂਡ ਲੈਣ ਕਿਉਂਕਿ ਇਸ ਦਾ ਸਿੱਧਾ ਅਸਰ ਪੰਜਾਬ ਦੇ ਸਨਅਤੀ ਵਿਕਾਸ ‘ਤੇ ਪੈਂਦਾ ਹੈ।
ਤਕਨੀਕੀ ਸਿੱਖਿਆ ਮੰਤਰੀ ਅੱਜ ਸਰਕਾਰ ਵੱਲੋਂ ਕਰਵਾਏ ਜਾ ਰਹੇ 11 ਰੋਜ਼ਾ ਨੌਕਰੀ ਮੇਲੇ ਤਹਿਤ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿੱਚ ਆਏ ਸਨ। ਤਕਨੀਕੀ ਸਿੱਖਿਆ ਮੰਤਰੀ ਨੇ ਦੱਸਿਆ ਕਿ ਦੱਸਿਆ ਕਿ ਸਰਕਾਰੀ ਅਤੇ ਗੈਰ-ਸਰਕਾਰੀ ਤਕਨੀਕੀ ਕਾਲਜਾਂ ‘ਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਰੈਗੂਲੇਟਰੀ ਬਾਡੀ ਕਾਇਮ ਕੀਤੀ ਜਾ ਰਹੀ ਹੈ ਅਤੇ ਇਸ ਸਬੰਧੀ ਉਪ ਕੁਲਪਤੀਆਂ ਦੀ ਵਿਸ਼ੇਸ਼ ਮੀਟਿੰਗ 25 ਅਗਸਤ ਨੂੰ ਚੰਡੀਗੜ੍ਹ ਵਿੱਚ ਬੁਲਾਈ ਗਈ ਹੈ। ਇਹ ਰੈਗੂਲੇਟਰੀ ਬਾਡੀ ਤਕਨੀਕੀ ਕਾਲਜਾਂ ਦੀ ਸਿੱਖਿਆ ਤੋਂ ਇਲਾਵਾ ਉਥੇ ਮੌਜੂਦ ਬੁਨਿਆਦੀ ਢਾਂਚੇ, ਅਧਿਆਪਕਾਂ ਦੀ ਯੋਗਤਾ, ਵਿਦਿਆਰਥੀਆਂ ਨੂੰ ਮਿਲਣ ਵਾਲੀਆਂ ਸੇਵਾਵਾਂ ਆਦਿ ਸਬੰਧੀ ਸਰਵੇ ਕਰੇਗੀ। ਉਨ੍ਹਾਂ ਸੂਬੇ ‘ਚ ਬੰਦ ਪਏ ਹੁਨਰ ਵਿਕਾਸ ਕੇਂਦਰਾਂ ਨੂੰ ਸੁਰਜੀਤ ਕੀਤੇ ਜਾਣ ਦੀ ਗੱਲ ਆਖੀ।
ਸ੍ਰੀ ਚੰਨੀ ਨੇ ਦਾਅਵਾ ਕੀਤਾ ਕਿ ਰੁਜ਼ਗਾਰ ਮੇਲਿਆਂ ਵਿੱਚ ਨੌਜਵਾਨਾਂ ਵੱਲੋਂ ਵੱਡਾ ਹੁੰਗਾਰਾ ਦਿੱਤਾ ਜਾ ਰਿਹਾ ਹੈ ਅਤੇ ਹੁਣ ਤੱਕ 4 ਲੱਖ ਤੋਂ ਵੱਧ ਨੌਜਵਾਨਾਂ ਨੇ 21 ਕੇਂਦਰਾਂ ਤੋਂ ਵੱਖ-ਵੱਖ ਨੌਕਰੀਆਂ ਲਈ ਫਾਰਮ ਭਰੇ ਹਨ। ਉਨ੍ਹਾਂ ਦੱਸਿਆ ਕਿ http://www.ggnpunjab.com/ ਨਾਮ ਦਾ ਵੈੱਬ ਪੋਰਟਲ ਬਣਾਇਆ ਗਿਆ ਹੈ, ਜਿਥੇ ਵਿਦਿਆਰਥੀ ਘਰ ਬੈਠੇ ਹੀ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।