ਨਵੀਂ ਦਿੱਲੀ, 21 ਸਤੰਬਰ

ਸਰਕਾਰ ਨੇ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 50 ਰੁਪਏ ਪ੍ਰਤੀ ਕੁਇੰਟਲ ਵਧਾ ਦਿੱਤਾ ਹੈ। ਇਸ ਵਾਧੇ ਨਾਲ ਕਣਕ ਦਾ ਘੱਟੋ-ਘੱਟ ਭਾਅ 1975 ਰੁਪਏ ਪ੍ਰਤੀ ਕੁਇੰਟਲ ਹੋ ਜਾਵੇਗਾ। ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਇਹ ਐਲਾਨ ਅੱਜ ਲੋਕ ਸਭਾ ਵਿੱਚ ਕੀਤਾ, ਹਾਲਾਂਕਿ ਐੱਮਐੱਸਪੀ ਵਧਾਉਣ ਦਾ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਲਿਆ। ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਦਾ ਐਲਾਨ ਅਜਿਹੇ ਮੌਕੇ ਕੀਤਾ ਗਿਆ ਹੈ ਜਦੋਂ ਕਿ ਪੰਜਾਬ ਤੇ ਹਰਿਆਣਾ ਦੇ ਬਹੁਤੇ ਕਿਸਾਨ ਤੇ ਵਿਰੋਧੀ ਪਾਰਟੀਆਂ ਸੰਸਦ ਦੇ ਦੋਵਾਂ ਸਦਨਾਂ ਵਿੱਚ ਪਾਸ ਦੋ ਅਹਿਮ ਖੇਤੀ ਬਿਲਾਂ ਦੇ ਵਿਰੋਧ ਵਿੱਚ ਸੜਕਾਂ ’ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।