ਚੰਡੀਗੜ੍ਹ, 4 ਜੁਲਾਈ
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੇਅਦਬੀ ਮਾਮਲੇ ਸਬੰਧੀ ਜਾਰੀ ਕੀਤੀ ਗਈ ਰਿਪੋਰਟ ‘ਤੇ ਉਂਗਲ ਉਠਾਈ ਹੈ| ਉਨ੍ਹਾਂ ਕਿਹਾ ਕਿ ਇਸ ਰਿਪੋਰਟ ਵਿੱਚ ਡੇਰਾ ਮੁਖੀ ਅਤੇ ਉਨ੍ਹਾਂ ਦੇ ਪੈਰੋਕਾਰਾਂ ਦੀ ਸ਼ਮੂਲੀਅਤ ਦਰਸਾਈ ਗਈ ਹੈ ਜਦੋਂ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਖ਼ੁਦ ਚੋਣਾਂ ਤੋਂ ਪਹਿਲਾਂ ਆਖਦੇ ਸਨ ਕਿ ਬੇਅਦਬੀ ਮਾਮਲਿਆਂ ਵਿਚ ਬਾਦਲਾਂ ਦੀ ਸ਼ਮੂਲੀਅਤ ਹੈ, ਜਿਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ| ਉਨ੍ਹਾਂ ਕਿਹਾ ਕਿ ਇਹ ਰਿਪੋਰਟ ਬਾਦਲਾਂ ਦੀ ਭੂਮਿਕਾ ਬਾਰੇ ਚੁੱਪ ਹੈ, ਅਚਾਨਕ ਅਜਿਹਾ ਕਿਉਂ ਹੋ ਗਿਆ ਹੈ|
ਬਾਜਵਾ ਨੇ ਸਵਾਲ ਕੀਤਾ ਕਿ ਕੀ ਅਰਵਿੰਦ ਕੇਜਰੀਵਾਲ ਵੱਲੋਂ ਚੋਣਾਂ ਤੋਂ ਪਹਿਲਾਂ ਇਸ ਬਾਰੇ ਦਿੱਤਾ ਬਿਆਨ ਸਿਰਫ਼ ਲੋਕਾਂ ਨਾਲ ਝੂਠਾ ਵਾਅਦਾ ਸੀ| ਚੇਤੇ ਰਹੇ ਕਿ ਲੰਘੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖ ਜਥੇਬੰਦੀਆਂ ਦੇ ਆਗੂਆਂ ਨੂੰ ਬੇਅਦਬੀ ਮਾਮਲੇ ਦੀ ਜਾਂਚ ਰਿਪੋਰਟ ਸੌਂਪੀ ਹੈ| ਬਾਜਵਾ ਨੇ ਕਿਹਾ ਕਿ ਸ਼ਿਕਾਇਤਕਰਤਾ ਸੁਖਰਾਜ ਸਿੰਘ ਨੇ ਇਹ ਗੱਲ ਆਖੀ ਹੈ ਕਿ ਜਿਨ੍ਹਾਂ ਸਿੱਖ ਆਗੂਆਂ ਨੂੰ ਰਿਪੋਰਟ ਸੌਂਪੀ ਗਈ ਹੈ, ਉਹ ਬਰਗਾੜੀ ਮੋਰਚੇ ਦਾ ਕਦੇ ਹਿੱਸਾ ਨਹੀਂ ਸਨ| ਉਨ੍ਹਾਂ ਕਿਹਾ ਕਿ ਪੁਲੀਸ ਅਧਿਕਾਰੀਆਂ ਦੀ ਭੂਮਿਕਾ ਬਾਰੇ ਵੀ ਰਿਪੋਰਟ ਵਿੱਚ ਕੁੱਝ ਨਹੀਂ ਹੈ|
ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਬੇਅਦਬੀ ਮਾਮਲਿਆਂ ਵਿੱਚ ਇਨਸਾਫ਼ ਨਹੀਂ ਮਿਲ ਰਿਹਾ ਹੈ ਅਤੇ ਨਾ ਹੀ ਇਸ ਮਾਮਲੇ ਦੀ ਨਿਰਪੱਖ ਜਾਂਚ ਹੋ ਰਹੀ ਹੈ|