ਚੰਡੀਗੜ੍ਹ, 13 ਸਤੰਬਰ
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ ਬੁੱਧਵਾਰ ਨੂੰ ਤਿੰਨ ਰੋਜ਼ਾ ਦੌਰੇ ’ਤੇ ਪੰਜਾਬ ਆ ਰਹੇ ਹਨ। ਇਸ ਦੌਰਾਨ ਉਹ ਸੂਬੇ ’ਚ 13 ਤੋਂ 15 ਸਤੰਬਰ ਤੱਕ ਹੋਣ ਵਾਲੇ ਸਮਾਗਮਾਂ ’ਚ ਹਿੱਸਾ ਲੈਣਗੇ। ਇਸ ਮੌਕੇ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਸੂਬੇ ਦੇ ਪਹਿਲੇ ‘ਸਕੂਲ ਆਫ ਐਮੀਨੈਂਸ’ ਦਾ ਉਦਘਾਟਨ ਕੀਤਾ ਜਾਵੇਗਾ। ਇਸ ਤੋਂ ਬਾਅਦ ਦੋਵੇਂ ਅੰਮ੍ਰਿਤਸਰ ਵਿੱਚ ਜਨ ਸਭਾ ਨੂੰ ਵੀ ਸੰਬੋਧਨ ਕਰਨਗੇ। ਉਹ 14 ਸਤੰਬਰ ਨੂੰ ਅੰਮ੍ਰਿਤਸਰ ਤੇ ਜਲੰਧਰ ਦੇ ਵਪਾਰੀਆਂ ਅਤੇ 15 ਸਤੰਬਰ ਨੂੰ ਲੁਧਿਆਣਾ ਤੇ ਮੁਹਾਲੀ ਦੇ ਵਪਾਰੀਆਂ ਨਾਲ ਟਾਊਨ ਹਾਲ ਮੀਟਿੰਗ ਕਰਨਗੇ। ਇਸ ਦੌਰਾਨ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ। ਜਾਣਕਾਰੀ ਅਨੁਸਾਰ ‘ਆਪ’ ਸਰਕਾਰ ਵੱਲੋਂ ਪੰਜਾਬ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਸਕੂਲ ਆਫ਼ ਐਮੀਨੈਂਸ ਖੋਲ੍ਹਣ ਦਾ ਟੀਚਾ ਮਿਥਿਆ ਗਿਆ ਹੈ।
ਇਸ ਤੋਂ ਇਲਾਵਾ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਸਿਸਟਮ ਵਿੱਚ ਸੁਧਾਰ ਲਈ ਤੇ ਸਕੂਲਾਂ ਦਾ ਨਵੀਨੀਕਰਨ ਕਰਨ ’ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ਵੱਲੋਂ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਵਿਦੇਸ਼ਾਂ ਵਿੱਚ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਆਗਾਮੀ ਚੋਣਾਂ ਸਬੰਧੀ ਪਾਰਟੀ ਵਰਕਰਾਂ ਨਾਲ ਵੀ ਮੀਟਿੰਗ ਕੀਤੀ ਜਾ ਸਕਦੀ ਹੈ। ਇਸ ਮੀਟਿੰਗ ਵਿੱਚ ਲੋਕ ਸਭਾ ਚੋਣਾਂ ਵਿੱਚ ਸੀਟਾਂ ਦੀ ਵੰਡ ਸਮੇਤ ਹੋਰਨਾਂ ਮੁੱਦਿਆ ’ਤੇ ਵੀ ਵਿਚਾਰ-ਚਰਚਾ ਹੋਣ ਦੀ ਸੰਭਾਵਨਾ ਹੈ।