ਨਵੀਂ ਦਿੱਲੀ, 30 ਮਾਰਚ
ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਅੱਜ ਭੰਨਤੋੜ ਕੀਤੀ ਗਈ। ਸਮਾਜ ਵਿਰੋਧੀ ਅਨਸਰਾਂ ਨੇ ਮੁੱਖ ਮੰਤਰੀ ਦੇ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਅਤੇ ਬੂਮ ਬੈਰੀਅਰ ਤੋੜ ਦਿੱਤੇ। ਇਹ ਲੋਕ ਕਿਸੇ ਮਾਮਲੇ ’ਤੇ ਵਿਰੋਧ ਕਰਨ ਆਏ ਸਨ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਇਸ ਮਾਮਲੇ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹਮਲਾ ਭਾਰਤੀ ਯੁਵਾ ਮੋਰਚਾ ਨੇ ਕੀਤਾ ਹੈ। ਸ੍ਰੀ ਸਿਸੋਦੀਆ ਨੇ ਦੋਸ਼ ਲਗਾਇਆ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਹਾਰਨ ਬਾਅਦ ਭਾਜਪਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹੱਤਿਆ ਕਰਨਾ ਚਾਹੁੰਦੀ ਹੈ।ਦੂਜੇ ਪਾਸੇ ਦੱਸਿਆ ਜਾ ਰਿਹਾ ਹੈ ਕਿ ਪੁਲੀਸ ਵੱਲੋਂ ਕੁਝ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਮਲੇ ਦੀ ਨਿੰਦਾ ਕੀਤੀ ਹੈ। ਇਸੇ ਦੌਰਾਨ ਦਿੱਲੀ ਪੁਲੀਸ ਨੇ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ’ਤੇ ਭੰਨਤੋੜ ਦੇ ਮਾਮਲੇ ਵਿੱਚ ਅਣਪਛਾਤੇ ਲੋਕਾਂ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਹੈ।