ਟੋਰਾਂਟੋ, 1 ਦਸੰਬਰ
ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਉਨ੍ਹਾਂ ਦਾ ਦੇਸ਼ ਹਮੇਸ਼ਾਂ ਸ਼ਾਂਤਮਈ ਪ੍ਰਦਰਸ਼ਨਾਂ ਦੇ ਅਧਿਕਾਰ ਦੀ ਰੱਖਿਆ ਕਰੇਗਾ। ਉਨ੍ਹਾਂ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਭਾਰਤ ਅੰਦਰ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ’ਤੇ ਚਿੰਤਾ ਜਤਾਈ। ਉਹ ਇਸ ਮੁੱਦੇ ‘ਤੇ ਆਪਣੇ ਵਿਚਾਰ ਜ਼ਾਹਰ ਕਰਨ ਵਾਲੇ ਭਾਰਤ ਤੋਂ ਬਾਹਰ ਦੁਨੀਆ ਦੇ ਪਹਿਲੇ ਨੇਤਾ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਕਨੈਡਾ ਵਿਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਦਿਆਂ ਸ੍ਰੀ ਟਰੂਡੋ ਨੇ ਕਿਹਾ ਕਿ ਜੇ ਉਹ “ਕਿਸਾਨਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨਾਂ ਬਾਰੇ ਭਾਰਤ ਤੋਂ ਆ ਰਹੀਆਂ ਖ਼ਬਰਾਂ” ਨੂੰ ਨਜ਼ਰਅੰਦਾਜ਼ ਕਰਦੇ ਹਨ ਤਾਂ ਇਹ ਗਲਤੀ ਹੋਵੇਗੀ। ਉਨ੍ਹਾਂ ਆਪਣੇ ਟਵਿੱਟਰ ਅਕਾਊਂਟ ‘ਤੇ ਪੋਸਟ ਕੀਤੀ ਵੀਡੀਓ ਵਿਚ ਕਿਹਾ, “ਸਥਿਤੀ ਬਹੁਤ ਚਿੰਤਾਜਨਕ ਹੈ ਅਤੇ ਅਸੀਂ ਪਰਿਵਾਰ ਅਤੇ ਦੋਸਤਾਂ ਬਾਰੇ ਚਿੰਤਤ ਹਾਂ। ਅਸੀਂ ਜਾਣਦੇ ਹਾਂ ਕਿ ਇਹ ਬਹੁਤ ਸਾਰੇ ਲੋਕਾਂ ਲਈ ਸੱਚਾਈ ਹੈ।” ਇਸ ਦੌਰਾਨ ਇਸ ਟਿੱਪਣੀ ’ਤੇ ਭਾਰਤੀ ਵਿਦੇਸ਼ ਮੰਤਰਾਲੇ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ ਤੇ ਇਸ ਪ੍ਰਤੀਕਿਰਿਆ ਨੂੰ ਭਰਮਾਊ ਸੂਚਨਾ ‘ਤੇ ਅਧਾਰਤ ਗ਼ੈਰਵਾਜਬ ਕਰਾਰ ਦਿੱਤਾ ਹੈ।