ਕੈਲਗਰੀ— ਕੈਲਗਰੀ ਸਕਾਈ ਵਿਊ ਹਲਕੇ ਤੋਂ ਲਿਬਰਲ ਪਾਰਟੀ ਦੇ ਐੱਮ.ਪੀ. ਦਰਸ਼ਨ ਸਿੰਘ ਕੰਗ ‘ਤੇ ਲੱਗੇ ਜਿਣਸੀ ਸ਼ੋਸ਼ਣ ਦੇ ਦੋਸ਼ਾਂ ਦੇ ਮਾਮਲੇ ‘ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਹਾਊਸ ਆਫ ਕਾਮਨ ਕੋਲ ਇਕ ਰਸਮੀ ਪ੍ਰਕਿਰਿਆ ਹੈ ਜੋ ਉਤਪੀੜਨ ਦੇ ਦੋਸ਼ਾਂ ਨਾਲ ਨਜਿੱਠਣ ਲਈ ਬਣਾਈ ਗਈ ਹੈ। ਜਿਵੇ ਕਿ ਉਨ੍ਹਾਂ ਦੇ ਸੰਸਦ ਮੈਂਬਰ ਦਰਸ਼ਨ ਸਿੰਘ ਕੰਗ ‘ਤੇ ਜਿਣਸੀ ਸ਼ੋਸ਼ਣ ਦੇ ਦੋਸ਼ ਲੱਗੇ ਹਨ। ਪ੍ਰਧਾਨ ਮੰਤਰੀ ਟਰੂਡੋ ਤੋਂ ਪੁੱਛਿਆ ਗਿਆ ਕਿ ਉਨ੍ਹਾਂ ਨੇ ਕੰਗ ਨੂੰ ਮੁਅੱਤਲ ਕਿਉਂ ਨਹੀਂ ਕੀਤਾ? ਤਾਂ ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਚ ਹਾਲੇ ਜਾਂਚ ਚੱਲ ਰਹੀ ਹੈ ਅਤੇ ਨਤੀਜੇ ਸਾਹਮਣੇ ਆਉਣ ਤੋਂ ਬਾਅਦ ਹੀ ਕੋਈ ਕਦਮ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਉਹ ਅੱਗੇ ਕੋਈ ਟਿੱਪਣੀ ਕਰਨ ਤੋਂ ਪਹਿਲਾਂ ਜਾਂਚ ਖਤਮ ਹੋਣ ਦਾ ਇੰਤਜ਼ਾਰ ਕਰਨਗੇ।
ਤੁਹਾਨੂੰ ਦੱਸ ਦਈਏ ਕਿ ਕੈਲਗਰੀ ਲਿਬਰਲ ਪਾਰਟੀ ਦੇ ਐੱਮ.ਪੀ. ਦਰਸ਼ਨ ਸਿੰਘ ਕੰਗ ‘ਤੇ ਜਿਣਸੀ ਸ਼ੋਸ਼ਣ ਦੇ ਗੰਭੀਰ ਦੋਸ਼ ਲੱਗੇ ਹਨ। ਇਹ ਦੋਸ਼ ਪੀੜਤ ਲੜਕੀ ਦੇ ਪਿਤਾ ਨੇ ਲਗਾਏ ਹਨ। ਲੜਕੀ ਦੇ ਪਿਤਾ ਦਾ ਕਹਿਣਾ ਹੈ ਕਿ ਕੰਗ ਨੇ ਉਨ੍ਹਾਂ ਨੂੰ ਇਸ ਮਾਮਲੇ ‘ਚ ਚੁੱਪ ਰਹਿਣ ਲਈ ਇਕ ਲੱਖ ਡਾਲਰ ਦੀ ਪੇਸ਼ਕਸ਼ ਵੀ ਕੀਤੀ ਸੀ ਪਰ ਕੰਗ ਨੇ ਇਨ੍ਹਾਂ ਸਾਰੇ ਦੋਸ਼ਾਂ ਨੂੰ ਖਾਰਿਜ ਕੀਤਾ ਹੈ।